Thursday, September 19, 2024

ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਕਿਸਾਨ – ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਕਣਕ ‘ਤੇ ਕੀੜਿਆਂ ਤੇ ਹੋਰ ਬਿਮਾਰੀਆਂ ਦੇ ਸੰਭਾਵਿਤ ਹਮਲੇ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ।ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ ਪ੍ਰਬੰਧਾਂ ਹੇਠ ਪਿੰਡ ਭਗਵਾਨਸਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਸੁਭਾਸ਼ ਕੁਮਾਰ ਸਮੇਤ ਵੱਡੀ ਗਿਣਤੀ ‘ਚ ਕਿਸਾਨ ਵੀ ਮੌਜ਼ੂਦ ਰਹੇ।
                     ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਚੇਪੇ ਦੇ ਹਮਲੇ ਬਾਰੇ ਜਾਗਰੂਕ ਕਰਦਿਆਂ ਡਾ . ਅਮਰੀਕ ਸਿੰਘ ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ।ਜਿਸ ਬਾਰੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਵੱਡਾ ਹਮਲਾ ਨਹੀਂ ਹੋਇਆ।ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ, ਕਿਉਂਕਿ ਕੁੱਝ ਖੇਤਾਂ ਵਿੱਚ ਕਣਕ ਦੀ ਫਸਲ ਖਾਸ ਕਰਕੇ ਐਚ.ਡੀ 2967 ਕਿਸਮ ਉਪਰ ਪੀਲੀ ਕੁੰਗੀ ਦਾ ਹਮਲਾ ਦੇਖਿਆ ਗਿਆ ਹੈ।ਉਨਾਂ ਕਿਹਾ ਕਿ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦ ਕਿ ਰਾਤ ਦਾ ਤਾਪਮਾਨ ਘੱਟ ਹੈ, ਜੋ ਪੀਲੀ ਕੁੰਗੀ ਬਿਮਾਰੀ ਦੇ ਵਾਧੇ ਲਈ ਬਹੁਤ ਹੀ ਅਨਕੂਲ ਹੈ ।
                 ਉਨਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਤੇ ਵੀ ਪੀਲੀ ਕੁੰਗੀ ਦੇ ਹਮਲੇ ਦਾ ਪਤਾ ਲੱਗੇ ਤਾਂ ਤੁਰੰਤ ਸੰਬੰਧਤ ਖੇਤੀਬਾੜੀ ਦਫਤਰ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਉਨਾਂ ਕਿਹਾ ਕਿ ਧੌੜੀਆਂ ਵਿੱਚ ਪੀਲੀ ਕੁੰਗੀ ਬਿਮਾਰੀ ਨੂੰ ਇੱਕ ਮਿਲੀ ਲਿਟਰ ਪ੍ਰੋਪੀਕੋਨਾਜ਼ੋਲ ਪ੍ਰਤੀ ਲਿਟਰ ਜਾਂ 120 ਗ੍ਰਾਮ ਟ੍ਰਾਈਫਲੋਕਸੀਸਟ੍ਰੋਬਨ+ਟੈਬੂਕੋਨਾਜ਼ੋਲ 75 ਡਬਲਿਯੂ.ਜੀ ਜਾਂ 200 ਗ੍ਰਾਮ ਟੈਬੂਕੋਨਾਜ਼ੋਲ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਚੇਪੇ ਦਾ ਇਸ ਵਕਤ ਕਣਕ ਦੀ ਫਸਲ ਉਪਰ ਕੋਈ ਪ੍ਰਭਾਵ ਨਹੀਂ ਹੈ।ਇਸ ਲਈ ਚੇਪਾ ਨਾਮੀ ਕੀਟ ਤੋਂ ਡਰਨ ਦੀ ਜ਼ਰੂਰਤ ਨਹੀਂ ਅਤੇ ਨਾਂ ਹੀ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਹੈ।
                   ਅੰਸ਼ੁਮਨ ਸ਼ਰਮਾ ਨੇ ਕਿਹਾ ਕਿ ਉਲੀਨਾਸ਼ਕ ਰਸਾਇਣਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …