Thursday, September 19, 2024

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ- ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ।ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਯਾਦ ਦਿਵਾਇਆ ਕਿ ਜਥੇ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ।ਪ੍ਰੰਤੂ ਆਖ਼ਰੀ ਮੌਕੇ ’ਤੇ ਬੀਤੇ ਕੱਲ੍ਹ ਜਥੇ ਨੂੰ ਰੱਦ ਕਰ ਦੇਣਾ ਹੈਰਾਨੀਜਨਕ ਹੈ।ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਠੇਸ ਪੁੱਜੀ ਹੈ।ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ।
                ਉਨ੍ਹਾਂ ਕਿਹਾ ਕਿ ਆਪਣੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ, ਜਿਸ ਲਈ ਸੰਜ਼ੀਦਗੀ ਨਾਲ ਗੌਰ ਕੀਤਾ ਜਾਵੇ।ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …