Monday, December 23, 2024

ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ਨੂੰ ਰੋਕਣ ’ਤੇ ਚੁੱਕੇ ਸਵਾਲ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ

ਭਾਰਤ ਸਰਕਾਰ ਦੇਸ਼ ਅੰਦਰ ਵੱਸਦੇ ਘੱਟਗਿਣਤੀ ਭਾਈਚਾਰਿਆਂ ਅਤੇ ਖ਼ਾਸਕਰ ਸਿੱਖਾਂ ਨਾਲ ਬੇਗਾਨਿਆਂ ਵਾਲਾ ਸਲੂਕ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਨਕਾਰਾਤਮਕ ਰਵੱਈਆ ਕੇਂਦਰ ਦੀ ਨੀਤੀ ਬਣਦੀ ਜਾ ਰਹੀ ਹੈ, ਜੋ ਦੇਸ਼ ਦੇ ਲੋਕਤੰਤਰ ਲਈ ਠੀਕ ਨਹੀਂ ਹੈ।ਹਾਲ ਹੀ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਆਪਣੀ ਸਿੱਖ ਵਿਰੋਧੀ ਨੀਤੀ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਇਸ ਜਥੇ ਲਈ ਕਾਰਵਾਈ ਚੱਲ ਰਹੀ ਸੀ, ਤਾਂ ਉਸ ਵਕਤ ਭਾਰਤ ਸਰਕਾਰ ਦੀ ਜਾਗ ਕਿਉਂ ਨਾ ਖੁੱਲ੍ਹੀ।ਵੀਜ਼ੇ ਜਾਰੀ ਹੋਣ ਬਾਅਦ ਜਦੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜਾਣ ਲਈ ਸ੍ਰੀ ਅੰਮ੍ਰਿਤਸਰ ਪੁੱਜ ਗਏ ਸਨ, ਤਾਂ ਉਸ ਸਮੇਂ ਸੁਰੱਖਿਆ ਅਤੇ ਕੋਵਿਡ-19 ਦਾ ਬਹਾਨਾ ਬਣਾ ਕੇ ਜਥੇ ਨੂੰ ਰੋਕਣ ਦਾ ਫੈਸਲਾ ਸਵਾਲ ਪੈਦਾ ਕਰਨ ਵਾਲਾ ਹੈ।ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਕਿਸੇ ਰਾਜਸੀ ਪਾਰਟੀ ਦੇ ਏਜੰਡੇ ਤਹਿਤ ਕੰਮ ਨਹੀਂ ਕਰਨਾ ਚਾਹੀਦਾ, ਸਗੋਂ ਦੇਸ਼ ਦੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹਰ ਵਰਗ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਇਸ ਦੇਸ਼ ਅੰਦਰ ਸਿੱਖਾਂ ਦੇ ਯੋਗਦਾਨ ਨੂੰ ਕਦੇ ਵੀ ਘੱਟ ਕਰਕੇ ਨਹੀਂ ਦੇਖਿਆ ਜਾ ਸਕਦਾ।ਪ੍ਰਧਾਨ ਮੰਤਰੀ ਅਤੇ ਸਰਕਾਰ ਦੇ ਜ਼ਿੰਮੇਵਾਰ ਮੰਤਰੀਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦੀ ਸੁਰੱਖਿਆ ਅਤੇ ਸੱਭਿਆਚਾਰਕ ਖਾਸੇ ਨੂੰ ਬਚਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।ਦੇਸ਼ ਲਈ 80 ਫੀਸਦੀ ਤੋਂ ਵੱਧ ਸ਼ਹਾਦਤਾਂ ਸਿੱਖਾਂ ਦੇ ਹਿੱਸੇ ਆਈਆਂ ਹਨ।ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਇਤਿਹਾਸ ਵੱਲੋਂ ਅੱਖਾਂ ਬੰਦ ਕਰਕੇ ਫੈਸਲੇ ਲੈ ਰਹੀ ਹੈ।
               ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਲਈ ਪਾਵਨ ਅਸਥਾਨ ਹੈ।ਇਸ ਦੇ ਦਰਸ਼ਨਾਂ ਲਈ ਸੰਗਤਾਂ ਅੰਦਰ ਚਾਅ ਅਤੇ ਭਾਵਨਾਤਮਕ ਖਿੱਚ ਹੁੰਦੀ ਹੈ।ਸ਼ਹੀਦੀ ਸਾਕੇ ਦੀ ਸ਼ਤਾਬਦੀ ਦਾ ਇਤਿਹਾਸਕ ਅਵਸਰ ਸਿੱਖ ਸੰਗਤਾਂ ਲਈ ਬੇਹੱਦ ਖ਼ਾਸ ਮੌਕਾ ਹੈ।ਲੇਕਿਨ ਭਾਰਤ ਸਰਕਾਰ ਇਸ ਵਿਚ ਸੰਗਤਾਂ ਦੀ ਸ਼ਮੂਲੀਅਤ ਰੋਕ ਕੇ ਇਸ ਇਤਿਹਾਸਕ ਮੌਕੇ ਦਾ ਸੰਗਤਾਂ ਨੂੰ ਗਵਾਹ ਬਣਨ ਤੋਂ ਰੋਕ ਰਹੀ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਆਪ ਹੁਦਰੇ ਫੈਸਲੇ ਨਹੀਂ ਲੈਣੇ ਚਾਹੀਦੇ ਅਤੇ ਹਰ ਧਰਮ ਤੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਜੇ ਵੀ ਭਾਰਤ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਿਖੇ ਗਏ ਪੱਤਰ ਤਹਿਤ 21 ਫ਼ਰਵਰੀ ਵਾਲੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ ’ਚ ਸੰਗਤਾਂ ਦੀ ਸ਼ਮੂਲੀਅਤ ਲਈ ਸੰਜ਼ੀਦਗੀ ਦਿਖਾਉਣੀ ਚਾਹੀਦੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …