ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ‘ਚ ਖੁੱਲਣਗੀਆਂ ਲਾਇਬ੍ਰੇਰੀਆਂ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦੀ ਹੈ।ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਗਰਾਂ ਦੇ ਸਕੂਲ ਅੰਦਰ ਧਾਰਮਿਕ ਅਧਿਆਪਕ ਵੀ ਦਿੱਤੇ ਜਾਣਗੇ।ਬੀਬੀ ਜਗੀਰ ਕੌਰ ਨੇ ਗੁਰਦੁਆਰਿਆਂ ਦੀ ਪਵਿੱਤਰਤਾ ਦੇ ਮਾਣ-ਮਰਯਾਦਾ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਸਿੱਖਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਦੇਣ ਲਈ ਖੋਜ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ।
ਉਨ੍ਹਾਂ ਕੌਮ ਦੀ ਇਕਜੁਟਤਾ ਲਈ ਸੰਗਤ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਾਰੀ ਸਿੱਖ ਕੌਮ ਇਕੱਠੀ ਰਹੇਗੀ ਤਾਂ ਕੋਈ ਵੀ ਦੁਸ਼ਮਣ ਸ਼ਕਤੀ ਸਾਡਾ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ, ਜਿਸ ਦੀ ਅਗਵਾਈ ਵਿਚ ਹਰ ਸਿੱਖ ਨਤਮਸਤਕ ਹੋਵੇ ਅਤੇ ਸਿੱਖੀ ਵਿਰੁੱਧ ਚਾਲਾਂ ਚੱਲਣ ਵਾਲੀਆਂ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਵੇ। ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸੰਗਤ ਨੂੰ ਉਨ੍ਹਾਂ ਤੋਂ ਅਗਵਾਈ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।