Sunday, September 27, 2026

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਲੱਖਾਂ ਦੇ ਚੈਕ

ਸੰਗਰੂਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਸਿੰਗਲਾ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
                 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਦੇ ਸਥਾਨਕ ਰੈਸਟ ਹਾਊਸ ’ਚ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈਕ ਵੰਡਣ ਮੌਕੇ ਕੀਤਾ।
                 ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਤਕਰੀਬਨ 14 ਪਿੰਡਾਂ ਦੀਆਂ ਪੰਚਾਇਤਾਂ ਨੂੰ ਪੱਕੀਆਂ ਗਲੀਆਂ ਬਣਾਉਣ ਲਈ, ਜਿੰਮ ਤਿਆਰ ਕਰਨ ਲਈ, ਧਰਮਸ਼ਾਲਾ ਲਈ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਲਗਭਗ 1 ਕਰੋੜ ਰੁਪਏ ਦੀ ਗ੍ਰਾਂਟ ਦੇ ਚੈਕ ਵੰਡੇ ਗਏ ਹਨ।ਉਨਾਂ ਦੱਸਿਆ ਕਿ ਸੰਗਰੂਰ ਹਲਕੇ ਦੇ ਲੋਕਾਂ ਵਲੋਂ ਦਿੱਤੀ ਗਈ ਜ਼ਿੰਮੇਵਾਰ ਨੂੰ ਉਹ ਬੜੀ ਤਨਦੇਹੀ ਤੇ ਮਿਹਨਤ ਨਾਲ ਨਿਭਾਅ ਰਹੇ ਹਨ ਜਿਸ ਤਹਿਤ ਹਰ ਪਿੰਡ ਤੇ ਸ਼ਹਿਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜੇ ਜਾ ਰਹੇ ਹਨ।ਉਨਾਂ ਕਿਹਾ ਕਿ ਸੰਗਰੂਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਸਭ ਤੋਂ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਸਬੰਧਤ ਮਹਿਕਮਿਆਂ ਤੋਂ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋੜੀਂਦੀ ਗ੍ਰਾਂਟ ਮਨਜ਼ੂਰ ਕਰਨ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਵੀ ਪਹੁੰਚ ਕਰਨ ਤੋਂ ਨਹੀਂ ਝਿਜਕਣਗੇ।
           ਸਿੰਗਲਾ ਨੇ ਦੱਸਿਆ ਕਿ ਮੌਜ਼ੂਦਾ ਕਾਂਗਰਸ ਸਰਕਾਰ ਵਲੋਂ ਸੜਕਾਂ ਦੀ ਹਾਲਤ ਸੁਧਾਰਨ ਤੋਂ ਲੈ ਕੇ ਸਿੱਖਿਆ ਅਤੇ ਸਿਹਤ ਵਰਗੇ ਬੁਨਿਆਦੀ ਖੇਤਰਾਂ ’ਚ ਵੀ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਗਿਆ ਹੈ।ਉਨਾਂ ਕਿਹਾ ਕਿ ਪੂਰੇ ਪੰਜਾਬ ਵਿਚ ਅੱਧੇ ਤੋਂ ਜ਼ਿਆਦਾ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਸਕੂਲਾਂ ਨੂੰ ਵੀ ਸਮਾਰਟ ਸਕੂਲਾਂ ’ਚ ਬਦਲਣ ਦੀ ਕਵਾਇਦ ਜਾਰੀ ਹੈ।ਉਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹੀ ਉਨਾਂ ਦੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬਤਰਾ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ, ਚੇਅਰਮੈਨ ਪੰਚਾਇਤ ਸੰਮਤੀ ਭਵਾਨੀਗੜ ਵਰਿੰਦਰ ਪੰਨਵਾਂ, ਪਿੰਡਾਂ ਦੇ ਸਰਪੰਚ ਤੇ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …