Saturday, April 25, 2026

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ।ਜਿਸ ਤਹਿਤ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਦੀਵਾਨ ‘ਚ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ।
              ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮਨਜੀਤ ਸਿੰਘ, ਕਾਰਜ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ ਰਿਆੜ, ਜਤਿੰਦਰਪਾਲ ਸਿੰਘ, ਕਾਬਲ ਸਿੰਘ ਲੋਹਾਰਕਾ ਆਦਿ ਮੌਜੂਦ ਸਨ।

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ
              ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …