
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਤੇ ਸੇਵਾ ਦੇ ਪੁੰਜ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਹਰ ਸਾਲ ਦੀ ਤਰਾਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਭਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਅਤੇ ਢਾਡੀ ਜਥਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੱਖ ਕੌਮ ਦੇ ਜੁਝਾਰੂ ਆਗੂ ਜਥੇ. ਅਕਾਲੀ ਫੂਲਾ ਸਿੰਘ ਦੇ ਜੀਵਨ ਤੇ ਉਨਾਂ ਦੀ ਦੇਣ ਸਬੰਧੀ ਸੰਗਤਾਂ ਨਾਲ ਵਿਸਥਾਰ ਵਿਚ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬਾਬਾ ਭਗਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੱਥੇਦਾਰ ਅਕਾਲੀ ਫੂਲਾ ਸਿੰਘ ਦੀ ਸਿੱਖ ਕੌਮ ਲਈ ਵਡਮੁੱਲੀ ਦੇਣ ਹੈ। ਉਨਾਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਜੀ ਅੰਦਰ ਪੰਥਕ ਮਰਯਾਦਾ ਕੁੱਟ-ਕੁੱਟ ਕੇ ਭਰੀ ਹੋਈ ਸੀ ਅਤੇ ਅੱਜ ਸਾਨੂੰ ਉਨਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਦਿਲਜੀਤ ਸਿੰਘ ਬੇਦੀ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਵੱਸਣ ਸਿੰਘ ਦਲ ਮੜੀਆਂ ਵਾਲੇ, ਬਾਬਾ ਖੜਗ ਸਿੰਘ ਗੁਰੂਸਰ ਬਠਿੰਡਾ, ਬਾਬਾ ਸਾਧ ਜੀ ਬਿਧੀ ਚੰਦੀਏ, ਬਾਬਾ ਭਗਤ ਸਿੰਘ ਬੁਰਜ ਅਕਾਲੀ ਫੂਲਾ ਸਿੰਘ ਸਮੇਤ ਵੱਖ ਵੱਖ ਥਾਵਾਂ ਤੋਂ ਪੁੱਜੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ‘ਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media