ਬੰਗਾ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹਦਾਇਤਾਂ ਤਹਿਤ
ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ।
ਇਸੇ ਤਹਿਤ ਬੰਗਾ ਵਿਖੇ ਹੋਮ ਆਈਸੋਲੇਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕੋਰੋਨਾ ਪਾਜ਼ੇਟਿਵ ਮਰੀਜ਼ ਖਿਲਾਫ਼ ਥਾਣਾ ਸਿਟੀ ਬੰਗਾ ਵਿਖੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।ਐਸ.ਡੀ.ਐਮ ਬੰਗਾ ਵਿਰਾਜ ਤਿੜਕੇ ਨੇ ਦੱਸਿਆ ਕਿ ਇਸ ਸਬੰਧੀ ਕੰਟੇਨਮੈਂਟ ਜ਼ੋਨ ਇੰਚਾਰਜ ਬੰਗਾ ਡਾ. ਸੰਦੀਪ ਕੁਮਾਰ ਵੱਲੋਂ ਲਿਖਤੀ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ ਸੁਰੇਸ਼ ਕੁਮਾਰ ਪੁੱਤਰ ਰਾਮ ਰਤਨ, ਵਾਸੀ ਐਮ.ਸੀ ਕਲੋਨੀ, ਬੰਗਾ ਵੱਲੋਂ ਕੋਰੋਨਾ ਪਾਜ਼ੇਟਿਵ ਹੋਣ ਉਪਰੰਤ ਜਾਣ ਬੁੱਝ ਕੇ ਆਪਣੇ ਆਪ ਨੂੰ ਆਈਸੋਲੇਟ ਨਾ ਰੱਖ ਕੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਮ ਆਈਸੋਲੇਸ਼ਨ ਦੇ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਲਈ ਉਸ ਖਿਲਾਫ਼ ਪੁਲਿਸ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ’ਤੇ ਫੌਰਨ ਕਾਰਵਾਈ ਕਰਦਿਆਂ ਥਾਣਾ ਸਿਟੀ ਬੰਗਾ ਵਿਖੇ ਸੁਰੇਸ਼ ਕੁਮਾਰ ਪੁੱਤਰ ਰਾਮ ਰਤਨ, ਵਾਸੀ ਐਮ. ਸੀ ਕਲੋਨੀ, ਬੰਗਾ ਖਿਲਾਫ਼ ਆਈ. ਪੀ.ਸੀ 1860 ਦੀ ਧਾਰਾ 188, 269,270 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1887 ਦੀ ਧਾਰਾ 3 ਤਹਿਤ ਐਫ.ਆਈ.ਆਰ ਨੰ: 22 ਮਿਤੀ 6.3.2021 ਦਰਜ਼ ਕਰ ਕੇ ਅਗਲੀ ਕਾਰਵਾਈ ਆਰੰਭੀ ਗਈ ਹੈ।
ਐਸ.ਡੀ.ਐਮ ਤਿੜਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ ਅਤੇ 6 ਫੁੱਟ ਦੀ ਦੂਰੀ ਬਣਾਈ ਰੱਖਣ ਦੇ ਨਾਲ-ਨਾਲ ਮਾਸਕ ਪਹਿਨਣਾ ਯਕੀਨੀ ਬਣਾਉਣ ਅਤੇ ਜਨਤਕ ਤੌਰ ’ਤੇ ਨਾ ਥੁੱਕਣ।ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media