Monday, March 9, 2026

ਇਕ ਕਦਮ ਨਸ਼ਿਆਂ ਤੋਂ ਤੰਦਰੁਸਤੀ’ ਥੀਮ ਤਹਿਤ ਲਾਇਆ ਵਿਸ਼ੇਸ਼ ਯੋਗਾ ਕੈਂਪ

ਜਿਲ੍ਹੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ -ਡੀ.ਸੀ

ਨਵਾਂਸ਼ਹਿਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿਚ ਅੱਜ ‘ਇਕ ਕਦਮ ਨਸ਼ਿਆਂ ਤੋਂ ਤੰਦਰੁਸਤੀ ਵੱਲ’ ਥੀਮ ਤਹਿਤ ਬਾਰਾਂਦਰੀ ਗਾਰਡਨ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੱਲੋਂ ਜ਼ਿਲ੍ਹਾ ਆਯੂਰਵੇਦ ਅਤੇ ਯੂਨਾਨੀ ਸੰਸਥਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਸ਼ਾ ਮੁਕਤ ਭਾਰਤ ਅਭਿਆਨ ਕਮੇਟੀ ਡਾ. ਸ਼ੇਨਾ ਅਗਰਵਾਲ ਅਤੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
                   ਡਿਪਟੀ ਕਮਿਸ਼ਨਰ ਵੱਲੋਂ ਇਸ ਕੈਂਪ ਦਾ ਰਸਮੀ ਉਦਘਾਟਨ ਦੀਪ ਜਗਾ ਕੇ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਲਈ ਪ੍ਰੇਰਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤਹਿਤ ਜ਼ਿਲ੍ਹੇ ਵਿਚ ਪਹਿਲਾਂ ਫੁੱਟਬਾਲ ਮੈਚ ਅਤੇ ਕਬੱਡੀ ਮੈਚ ਕਰਵਾਏ ਗਏ ਹਨ ਅਤੇ ਅੱਜ ਦੇ ਇਸ ਯੋਗਾ ਕੈਂਪ ਉਪਰੰਤ ਹੁਣ ਜ਼ਿਲ੍ਹਾ ਪੱਧਰ ’ਤੇ ਕ੍ਰਿਕਟ ਮੈਚ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੋਗ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਪਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਵੀ ਚੱਲ ਰਹੇ ਹਨ, ਜਿਨ੍ਹਾਂ ਦੌਰਾਨ ਰੋਜ਼ਗਾਰ ਵਾਸਤੇ ਬੱਚਿਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।
                  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਵੱਲੋਂ ਇਸ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ ਅਤੇ ਸਮੂਹ ਵਿਭਾਗਾਂ ਵੱਲੋਂ ਇਨ੍ਹਾਂ ਗਤੀਵਿਧੀਆਂ ਵਿਚ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
                   ਇਸ ਕੈਂਪ ਵਿਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਮੁੜ ਵਸੇਬਾ ਕੇਂਦਰ ਵਿਚ ਇਲਾਜ਼ ਅਧੀਨ ਬੱਚਿਆਂ, ਓਟ ਸੈਂਟਰ ਦੇ ਬੱਚਿਆਂ ਅਤੇ ਅਧਿਕਾਰੀਆਂ ਸਮੇਤ ਕਰੀਬ 60 ਵਿਅਕਤੀਆਂ ਨੇ ਭਾਗ ਲਿਆ।ਜਾਗਰੂਕਤਾ ਕੈਂਪ ਦੀ ਅਗਵਾਈ ਡਾ. ਜੋਤੀ ਵੈਦ, ਡਾ. ਰਣਜੀਤ ਕੁਮਾਰੀ, ਡਾ. ਕੁਲਵੰਤ ਸਿੰਘ ਅਤੇ ਡਾ. ਅਮਨਪ੍ਰੀਤ ਵੱਲੋਂ ਕੀਤੀ ਗਈ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …