Monday, December 23, 2024

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ 3 ਅਪ੍ਰੈਲ ਨੂੰ

ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ।
                    ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾ ਕੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਇਸ ਤਹਿਤ ਧਰਮ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਧਾਰਮਿਕ ਦੀਵਾਨਾਂ ਰਾਹੀਂ ਗੁਰ-ਇਤਿਹਾਸ ਸਰਵਣ ਕਰਵਾਉਣਗੇ ਅਤੇ ਸੰਵਾਦ ਵਿਧੀ ਰਾਹੀਂ ਵੀ ਸੰਗਤਾਂ ਨਾਲ ਰਾਬਤਾ ਬਣਾਉਣਗੇ।ਸ਼ਤਾਬਦੀ ਸਮਾਗਮਾਂ ਸਬੰਧੀ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਇਕੱਤਰਤਾ ਕੀਤੀ ਜਾਵੇਗੀ।
                   ਉਨਾਂ ਨੇ ਕਿਹਾ ਕਿ 1 ਮਈ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ, ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁੱਖੀਆਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਅਧਾਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ।ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਹਰ ਤਰ੍ਹਾਂ ਵਚਨਬੱਧ ਹੈ।ਇਕੱਤਰਤਾ ’ਚ ਲਏ ਗਏ ਹੋਰ ਫੈਸਲਿਆਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ 70 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਣਗੇ ਅਤੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵੱਖਰੀ ਇਨਾਮੀ ਰਾਸ਼ੀ ਵੀ ਮਿਲੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਅਤੇ ਸੇਵਾ-ਸੰਭਾਲ ਦੇ ਦਰਸ਼ਨ ਸੰਗਤਾਂ ਜਲਦ ਹੀ ਕਰ ਸਕਣਗੀਆਂ।ਇਸ ਸਬੰਧ ਵਿਚ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਅਗਲੇ 4 ਮਹੀਨੇ ਦੌਰਾਨ ਇਹ ਕਾਰਜ ਮੁਕੰੰਮਲ ਹੋਣ ਦੀ ਸੰਭਾਵਨਾ ਹੈ।
                      ਇਕੱਤਰਤਾ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਮੀਤ ਸਕੱਤਰ ਸਿਮਰਜੀਤ ਸਿੰਘ, ਕੁਲਵਿੰਦਰ ਸਿੰਘ ਰਾਮਦਾਸ, ਓ.ਐਸ.ਡੀ ਸਤਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਵਰਿੰਦਰ ਸਿੰਘ ਠਰੂ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …