Sunday, March 15, 2026

ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੇ ਲੋਕ ਅਰਪਣ ਮੌਕੇ ਜ਼ਿਲ੍ਹੇ ‘ਚ 14 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ

ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ ਅਤੇ ਕੋਵਿਡ ਟੀਕਾਕਰਨ ਦੇ ਕੰਮ ਵਿੱਚ ਆਵੇਗੀ ਤੇਜ਼ੀ – ਦੀਪਜੋਤ ਕੌਰ

ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਜਿਥੇ ਲੋਕ ਪੱਖੀ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਬੁਨਿਆਦੀ ਢਾਂਚਾ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ ਹਨ।ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ ਕਈ ਬੁਨਿਆਦੀ ਢਾਂਚਾ ਪ੍ਰਾਜੈਕਟ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲੋਕਾਂ ਨੂੰ ਵਰਚੁਅਲ ਢੰਗ ਨਾਲ ਸਮਰਪਿਤ ਕੀਤੇ ਗਏ।ਉਨ੍ਹਾਂ ਨੇ ਸਮੂਹ ਸੀਨੀਅਰ ਮੰਤਰੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਤੇ ਸ਼ਾਮ ਚੁਰਾਸੀ ਵਿਖੇ ਸਬ-ਤਹਿਸੀਲ ਕੰਪਲੈਕਸ, 151 ਤੰਦਰੁਸਤ ਪੰਜਾਬ ਸਿਹਤ ਕੇਂਦਰ ਅਤੇ 9 ਪੁਲਿਸ ਥਾਣੇ ਲੋਕਾਂ ਨੂੰ ਸਮਰਪਿਤ ਕੀਤੇ।ਇਸ ਤੋਂ ਇਲਾਵਾ ਉਨ੍ਹਾਂ 4 ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਵੀ ਰੱਖਿਆ।
                         ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 14 ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਨਵਾਂਸ਼ਹਿਰ, ਬਲਾਚੌਰ, ਮਹਿੰਦੀਪੁਰ, ਸੜੋਆ, ਪੋਜੇਵਾਲ, ਚੱਕ ਬਿਲਗਾ, ਖਾਨਖਾਨਾ, ਨੌਰਾ, ਸੁਰਾਪੁਰ, ਰਾਹੋਂ, ਬੰਗਾ, ਉਸਮਾਨਪੁਰ, ਭਾਰਟਾ ਕਲਾਂ ਦੇ ਸਰਕਾਰੀ ਸਕੂਲ ਸ਼ਾਮਲ ਸਨ। ਇਨ੍ਹਾਂ ਸਮਾਗਮਾਂ ਨੂੰ ਆਨਲਾਈਨ ਸੂਬਾ ਪੱਧਰੀ ਸਮਾਗਮਾਂ ਨਾਲ ਜੋੜਿਆ ਗਿਆ।
                             ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਵਿੱਚ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਹੋਰਨਾਂ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕੀਤੇ ਗਏ ਇਨ੍ਹਾਂ ਉਪਰਾਲਿਆਂ ਸਦਕਾ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨਾਲ ਜਿਥੇ ਸਿਹਤ ਸਹੂਲਤਾਂ ਨੂੰ ਹੁਲਾਰਾ ਮਿਲੇਗਾ, ਉਥੇ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਵਿੱਚ ਵੀ ਤੇਜ਼ੀ ਆਵੇਗੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …