2 ਲੱਖ ਰੁਪਏ ਦਾ ਚੈਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ
ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦਿੱਤਾ।ਕਮਲਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਰਹਿਣ ਵਾਲੀ ਹੈ ਅਤੇ ਉਹ ਦੇਸ਼ ਭਗਤ ਕਾਲਜ ਧੂਰੀ ਤੋਂ ਗ੍ਰੈਜੂਏਸ਼ਨ ਕਰ ਚੁੱਕੀ ਹੈ।ਕਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਖੇਤਰਾਂ ਮੱਲਾਂ ਮਾਰਨ ਵਾਲੇ ਸਿੱਖ ਨੌਜੁਆਨਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦੀ ਆ ਰਹੀ ਹੈ।ਇਸੇ ਤਹਿਤ ਹੀ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦੀਆਂ ਪ੍ਰਾਪਤੀਆਂ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਿੱਖ ਕੌਮ ਨੂੰ ਕਮਲਪ੍ਰੀਤ ਕੌਰ ਵਰਗੀਆਂ ਹੋਣਹਾਰ ਬੱਚੀਆਂ ’ਤੇ ਮਾਣ ਹੈ, ਜਿਨ੍ਹਾਂ ਨੂੰ ਨੌਜੁਆਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਲਪ੍ਰੀਤ ਕੌਰ ਨੂੰ ਉੱਚ ਸਿੱਖਿਆ ਲਈ ਸ਼੍ਰੋਮਣੀ ਕਮੇਟੀ ਸਹਾਇਤਾ ਕਰੇਗੀ।ਜੇਕਰ ਉਹ ਸ਼੍ਰੋਮਣੀ ਕਮੇਟੀ ਦੇ ਕਾਲਜ ਵਿਚ ਪੜ੍ਹਣਾ ਚਾਹੇ ਤਾਂ ਉਸ ਦੀ ਫੀਸ ਨਹੀਂ ਲਈ ਜਾਵੇਗੀ।ਹੋਰਨਾਂ ਕਾਲਜਾਂ ਵਿੱਚ ਪੜ੍ਹਨ ਲਈ ਵੀ ਉਸ ਦੀ ਸ਼੍ਰੋਮਣੀ ਕਮੇਟੀ ਮੱਦਦ ਕਰੇਗੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੜਕੀਆਂ ਲਈ ਵੱਖਰਾ ਖੇਡ ਡਾਇਰੈਕਟੋਰੇਟ ਸਥਾਪਿਤ ਕਰਦਿਆਂ ਅਕੈਡਮੀ ਖੋਲ੍ਹੀ ਜਾ ਚੁੱਕੀ ਹੈ।
ਓਲੰਪਿਕ ਖੇਡਾਂ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਸਿੱਖ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਅਤੇ ਗੁਰੂ ਸਾਹਿਬ ਦੇ ਭਰੋਸੇ ਸਦਕਾ ਕੌਮ ਦਾ ਨਾਂ ਰੌਸ਼ਨ ਕਰਨ ਲਈ ਅੱਗੇ ਆਉਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਮਲਪ੍ਰੀਤ ਕੌਰ ਦੀ ਕੋਚ ਬੀਬੀ ਰਾਖੀ ਤਿਆਗੀ ਨੂੰ ਵੀ 21 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਅਤੇ ਕਮਲਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ, ਹਲਕਾ ਮਲੋਟ ਤੋਂ ਪੁੱਜੇ ਭਗਵੰਤ ਸਿੰਘ ਮਿੱਡਾ ਸੰਮਤੀ ਮੈਂਬਰ, ਸਾਬਕਾ ਸਰਪੰਚ ਸਵਰਨ ਸਿੰਘ, ਨਿਰਮਲਜੀਤ ਸਿੰਘ ਆਦਿ ਹਾਜ਼ਰ ਸਨ।