Tuesday, March 24, 2026

ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਸਬੰਧੀ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ‘ ਅੱਜ ਤੋਂ

ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ

ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਵਿਭਾਗ ਦੀ ਮੀਡੀਆ ਟੀਮ ਵਲੋਂ ਸੋਸ਼ਲ ਤੇ ਪ੍ਰਿੰਟ ਮੀਡੀਆ ਜ਼ਰੀਏ ਵੀ ਸਮਾਜ਼ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
                     ਸਕੂਲ ਸਿੱਖਿਆ ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ ਅੱਜ 27 ਮਾਰਚ ਤੋਂ ਦੂਰਦਰਸ਼ਨ ਤੋਂ ਵੀ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ਪ੍ਰੋਗਰਾਮ ‘ਨਵੀਆਂ ਪੈੜਾਂ’ ਰਾਹੀਂ ਜਿਲ੍ਹਾ ਵਾਰ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲੱਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ।
                    ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸ਼ਰ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ।ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲ.ਸੀ.ਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਵੀ ਉਪਲੱਬਧ ਕਰਵਾਈ ਜਾ ਰਹੀ ਹੈ।
                   ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਲਕਾਰ ਅੱਤਰੀ ਨੇ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਹਾਸਿਲ ਕਰਕੇ ਵਧੀਆ ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਦੇਣ ਲਈ ਸਟੇਟ ਮੀਡੀਆ ਟੀਮ ਵਲੋਂ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਦੂਰਦਰਸ਼ਨ ਲਈ ਸ਼ੂਟਿੰਗ ਕੀਤੀ ਜਾਵੇਗੀ।ਜੋ ਜਲਦੀ ਹੀ ਦੂਰਦਰਸ਼ਨ ਦੇ ਪ੍ਰੋਗਰਾਮ ਜ਼ਰੀਏ ਦਰਸ਼ਕਾਂ ਦੇ ਰੂਬਰੂ ਕੀਤੀ ਜਾਵੇਗੀ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …