Saturday, March 21, 2026

45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਲਗਵਾ ਸਕਦੈ ਕੋਵਿਡ ਵੈਕਸੀਨ – ਡੀ.ਸੀ

ਜ਼ਿਲ੍ਹੇ ਵਿਚ 53 ਸਥਾਨਾਂ ’ਤੇ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ

ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਅਪਕ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁਲ ਨੇੜੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ ਲੋਕਾਂ ਨੂੰ ਤੇਜ਼ੀ ਨਾਲ ਵੈਕਸੀਨ ਲਗਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਵੈਕਸੀਨੇਸ਼ਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੇਜ਼ੀ ਨਾਲ ਵਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਅਗਲੇ ਕੁੱਝ ਹਫ਼ਤੇ ਬੇਹੱਦ ਸੰਵੇਦਨਸ਼ੀਲ ਹਨ, ਜਿਸ ਦੌਰਾਨ ਕੇਸ ਉਚ ਪੱਧਰ ’ਤੇ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਤੋਂ ਬਚਾਅ ਦਾ ਇਕੋ-ਇਕ ਹੱਲ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣਾ ਹੈ। ਉਨ੍ਹਾਂ ਸਮੂਹ ਐਸ.ਐਮ.ਓ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
                      ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਬੇਝਿਜਕ ਹੋ ਕੇ ਟੀਕਾਕਰਨ ਲਈ ਅੱਗੇ ਆਉਣ, ਕਿਉਂਕਿ ਇਸ ਪ੍ਰਤੀ ਲਾਪਰਵਾਹੀ ਘਾਤਕ ਸਿੱਧ ਹੋ ਸਕਦੀ ਹੈ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ 45 ਸਾਲ ਤੱਕ ਦਾ ਕੋਈ ਵੀ ਵਿਅਕਤੀ ਆਪਣਾ ਕੋਈ ਵੀ ਫੋਟੋ ਸ਼ਨਾਖ਼ਤੀ ਕਾਰਡ ਦਿਖਾ ਕੇ ਵੈਕਸੀਨ ਲਗਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ 53 ਸਿਹਤ ਸੰਸਥਾਵਾਂ ਵਿਚ ਹਫ਼ਤੇ ਦੇ ਸਾਰੇ ਸੱਤ ਦਿਨ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਹੈ, ਜਿਨ੍ਹਾਂ ਵਿਚ 47 ਸਰਕਾਰੀ ਅਤੇ 6 ਪ੍ਰਾਈਵੇਟ ਸਿਹਤ ਸੰਸਥਾਵਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਹੁਣ ਕੋਵਿਡ ਟੀਕਾਕਰਨ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਮਾਰਕੀਟ ਕਮੇਟੀਆਂ, ਮੰਡੀਆਂ ਆਦਿ ਵਿਚ ਵਿਸ਼ੇਸ਼ ਸੈਸ਼ਨ ਲਗਾ ਕੇ ਵੈਕਸੀਨ ਕਰਵਾਈ ਜਾਵੇਗੀ।
                    ਡਾ. ਸ਼ੇਨਾ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫਰੰਟ ਲਾਈਨ ਵਰਕਰਾਂ ਵਜੋਂ ਆਪਣਾ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰ੍ਹਾਂ ਉਨ੍ਹਾਂ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਸਟਾਫ, ਪਟਵਾਰੀਆਂ, ਨੰਬਰਦਾਰਾਂ ਅਤੇ ਚੌਕੀਦਾਰਾਂ ਆਦਿ ਦੇ ਵੀ ਫਰੰਟ ਲਾਈਨ ਵਰਕਰਾਂ ਵਜੋਂ ਟੀਕਾਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਕੌਂਸਲਰਾਂ, ਆਗੂਆਂ, ਵੱਖ-ਵੱਖ ਜਥੇਬੰਦੀਆਂ, ਸਰਪੰਚਾਂ-ਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਆਪ ਮਿਸਾਲ ਬਣ ਕੇ ਵੈਕਸੀਨ ਲਗਵਾਉਣ ਅਤੇ ਹੋਰਨਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
                      ਇਸ ਮੌਕੇ ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ.ਐਸ.ਪੀ ਨਵਨੀਤ ਕੌਰ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਡੀ.ਡੀ.ਪੀ.ਓ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐਸ.ਐਮ.ਓ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …