ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ
ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਦੇਸ਼ ਦੇ ਹਰ ਕੋਨੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਅਤੇ ਜਾਗਰੂਕਤਾ ਪ੍ਰੋਗਰਾਮ, ਜਿਵੇਂ ਡੈਪੋ, ਬਡੀ, ਮਿਸ਼ਨ ਰੈੱਡ ਸਕਾਈ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਨਸ਼ੇ ਦੇ ਆਦੀ ਵਿਅਕਤੀ ਨੂੰ ਨਸ਼ੇ ਦੀ ਆਦਤ ਤੋਂ ਨਿਜ਼ਾਤ ਦਿਵਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦੇ ਓਟ ਸੈਂਟਰਾਂ ਅਤੇ ਨਸ਼ਾ ਛੁਡਾੳੂ ਕੇਂਦਰਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਓਟ ਸੈਂਟਰਾਂ ਵਿਚ ਨਸ਼ੇ ਦੇ ਆਦੀ ਵਿਅਕਤੀ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਨਸ਼ੇ ਦੇ ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਭਨਾਂ ਦੇ ਯੋਗਦਾਨ ਅਤੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।
ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਗੁਰਪ੍ਰਸ਼ਾਦ ਸਿੰਘ, ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਗਾਈਡੈਂਸ ਕਾਊਂਸਲਰ ਬਲਦੀਸ਼ ਲਾਲ, ਏ.ਐਸ.ਆਈ ਹੁਸਨ ਲਾਲ, ਕੋਚ ਮਲਕੀਤ ਸਿੰਘ, ਜਤਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media