ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਹਿੱਤ ਪ੍ਰਸ਼ਾਸਨ ਵੱਲੋਂ ਟੀਕਾਕਰਨ ਮੁਹਿੰਮ ਨੂੰ ਵਿਆਪਕ ਕਰਨ ਲਈ
ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਵਪਾਰਕ, ਸਮਾਜਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮੂਹ ਜਥੇਬੰਦੀਆਂ ਤੋਂ ਟੀਕਾਕਰਨ ਮੁਹਿੰਮ ਲਈ ਸਹਿਯੋਗ ਦੀ ਮੰਗ ਕੀਤੀ ਗਈ, ਜਿਸ ’ਤੇ ਸਮੂਹ ਸੰਸਥਾਵਾਂ ਨੇ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਲਈ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਟੀਕਾਕਰਨ ਮੁਹਿੰਮ ਨੂੰ ਸਿਖ਼ਰਾਂ ’ਤੇ ਪਹੁੰਚਾਉਣ ਦਾ ਅਹਿਦ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਹੁਣ 45 ਸਾਲ ਤੱਕ ਦਾ ਕੋਈ ਵੀ ਵਿਅਕਤੀ ਆਪਣਾ ਕੋਈ ਵੀ ਫੋਟੋ ਸ਼ਨਾਖ਼ਤੀ ਕਾਰਡ ਦਿਖਾ ਕੇ ਵੈਕਸੀਨ ਲਗਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ 53 ਸਿਹਤ ਸੰਸਥਾਵਾਂ ਵਿਚ ਹਫ਼ਤੇ ਦੇ ਸਾਰੇ ਸੱਤ ਦਿਨ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਹੈ, ਜਿਨ੍ਹਾਂ ਵਿਚ 47 ਸਰਕਾਰੀ ਅਤੇ 6 ਪ੍ਰਾਈਵੇਟ ਸਿਹਤ ਸੰਸਥਾਵਾਂ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਹੁਣ ਕੋਵਿਡ ਟੀਕਾਕਰਨ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਿਕ, ਵਪਾਰਕ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਅਤੇ ਯੂਨੀਅਨਾਂ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media