ਅੰਮ੍ਰਿਤਸਰ, 1 ਨਵੰਬਰ (ਪ੍ਰੀਤਮ ਸਿੰਘ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋ.ਹਨ ਸਿੰਘ ਛੀਨਾ ਨੇ ਅੱਜ ਇਕ ਜਾਰੀ ਬਿਆਨ ਵਿੱਚ ਸੰਨ 1984 ਦੇ ਸਿੱਖ ਨਕਸਕੁਸ਼ੀ ਦੇ ਪੀੜਤਾਂ ਨੂੰ ਕੇਂਦਰ ਸਰਕਾਰ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਕੇ ਉਨ੍ਹਾਂ ਦੇ ਜਖ਼ਮਾਂ ‘ਤੇ ਮਲ੍ਹੱਮ ਲਗਾਉਣ ਦਾ ਸਾਰਥਿਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ 30 ਸਾਲ ਬੀਤਣ ਦੇ ਬਾਅਦ ਵੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਸ਼ਰੇਆਮ ਅਜ਼ਾਦ ਘੁੰਮ ਰਹੇ ਹਨ ਅਤੇ ਪੀੜਤਾਂ ਦੀ ਮਦਦ ਲਈ ਕਿਸੇ ਵੀ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।
ਸ: ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਉਚਿੱਤ ਕਾਰਵਾਈ ਕਰਦਿਆ ਸਿੱਖਾਂ ਦੇ ਵਲੂੰਧਰੇ ਹੋਏ ਹਿਰਦਿਆਂ ਨੂੰ ਸਹਾਰਾ ਦੇਣ ਦਾ ਯਤਨ ਕੀਤਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਾਂਤਮਈ ਅਤੇ ਅਗਾਂਹਵਧੂ ਸੋਚ ਵਾਲੀ ਕੌਮ ਹੈ, ਜਿਸ ਨੇ ਹਮੇਸ਼ਾਂ ਹੀ ਭਾਰਤ ਦੀ ਏਕਤਾ ਅਤੇ ਆਖੰਡਤਾ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ 31 ਅਕਤੂਬਰ 1984 ਦੇ ਦਿਨ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਪੂਰੇ ਭਾਰਤ ਵਿੱਚ ਫ਼ੈਲੇ ਕਤਲੇਆਮ ਵਿੱਚ ਹਜ਼ਾਰਾਂ ਬੇਕਸੂਰ ਨਿਹੱਥੇ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਬਾਅਦ ਜਿੱਥੇ ਦੇਸ਼ ਨੂੰ ਵਿਕਾਸ ਪੱਖੀ ਅਤੇ ਸਾਫ ਸੁੱਥਰੀ ਸਰਕਾਰ ਦੇਣ ਦਾ ਯਤਨ ਕੀਤਾ ਹੈ, ਉੱਥੇ ਉਨ੍ਹਾਂ ਨੇ ਇਹ ਫ਼ੈਸਲਾ ਲੈ ਕੇ ਘੱਟ ਗਿਣਤੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਵੀ ਕਾਇਮ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜਲਦ ਹੀ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਂਧਦਿਆ ਕਿਹਾ ਕਿ ਇਸ ਪਾਰਟੀ ਦੇ ਬਹੁਤ ਸਾਰੇ ਆਗੂਆਂ ਦੇ ਹੱਥ ਇਸ ਨਕਸਕੁਸ਼ੀ ਦੇ ਲਹੂ ਨਾਲ ਰੰਗੇ ਹੋਏ ਹਨ ਅਤੇ ਸਮੇਂ ਦੀਆਂ ਕਾਂਗਰਸੀ ਸਰਕਾਰਾਂ ਨੇ ਹਮੇਸ਼ਾਂ ਹੀ ਇਨ੍ਹਾਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …