Sunday, December 22, 2024

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੂਰਨ

ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਤਰਾਖੰਡ ਸੁਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਕੀਤੀ ਗਈ।ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਤਾਬਦੀ ਨੂੰ ਸਮਰਪਿਤ 1 ਮਾਰਚ 2021 ਨੂੰ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਕੀਤੀ ਗਈ ਸੀ, ਜਿਸ ਦੀ ਅੱਜ ਸੰਪੂਰਨਤਾ ਹੋਈ ਹੈ।ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਗੁਰਭੇਜ ਸਿੰਘ ਚਮਿੰਡਾ ਢਾਡੀ ਅਤੇ ਭਾਈ ਕਾਰਜ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ।
                ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪਹੁੰਚੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪਾਠ ਬੋਧ ਸਮਾਗਮ ਵਿਚ ਭਾਗ ਲੈਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿਚ ਆਉਣਾ ਸਾਡੀ ਖੁਸ਼ਕਿਸਮਤੀ ਹੈ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਮਤਿ ਸਮਾਗਮ ਦੀ ਸਫਲਤਾ ਲਈ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੇ ਪ੍ਰਧਾਨ ਸੇਵਾ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਪਾਠ ਬੋਧ ਸਮਾਗਮ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਸ ਇਲਾਕੇ ਵਿਚ ਅਜਿਹਾ ਸਮਾਗਮ ਕੀਤਾ ਗਿਆ ਹੈ, ਜਿਸ ਦੀ ਸੰਗਤਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ ਹੈ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ, ਧੰਨਾ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ ਪੰਨੂ, ਹਰਵਿੰਦਰ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ ਸੇਠੀ, ਅਮਰਜੀਤ ਸਿੰਘ ਵਿਰਕ, ਪ੍ਰਗਟ ਸਿੰਘ, ਜਸਵੰਤ ਸਿੰਘ, ਬੀਬੀ ਕਮਲੇਸ਼ ਕੌਰ, ਕੁਲਦੀਪ ਸਿੰਘ ਭੁੱਲਰ, ਅਜੀਤ ਸਿੰਘ, ਹਰਬੰਸ ਸਿੰਘ, ਬਾਬਾ ਕਸ਼ਮੀਰ ਸਿੰਘ, ਬਾਬਾ ਸਿਆਮ ਸਿੰਘ, ਬਾਬਾ ਗੁਰਜੰਟ ਸਿੰਘ, ਯੂ.ਪੀ. ਸਿੱਖ ਮਿਸ਼ਨ ਦੇ ਇੰਚਾਰਜ ਬ੍ਰਿਜਪਾਲ ਸਿੰਘ, ਭਾਈ ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਕਾਂਸ਼ੀਪੁਰ, ਭਾਈ ਸੁਖਵਿੰਦਰ ਸਿੰਘ ਐਮਏ, ਗੁਰਸ਼ਰਨ ਸਿੰਘ, ਮਨਜੀਤ ਸਿੰਘ, ਜਗਵਿੰਦਰ ਸਿੰਘ, ਜਸਵੰਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸਾਹਿਬ ਸਿੰਘ, ਭਾਈ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …