Friday, November 22, 2024

ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਿਮੱਤਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
                       ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗੁਰੂ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਂਦਾ ਹੈ।ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰੂ ਕਾ ਬਾਗ ਵਿਖੇ ਬੂਟੇ ਵੀ ਲਗਾਏ ਗਏ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਜਗਤਾਰ ਸਿੰਘ, ਗੁਰਜੀਤ ਸਿੰਘ ਅਤੇ ਸੰਗਤਾਂ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …