ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ
ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜਾਰੀ ਆਦੇਸ਼ਾਂ ਅਨੁਸਾਰ ਸਾਰੇ ਸਿੱਖਿਆ ਸੰਸਥਾਨ, ਜਿਵੇਂ ਸਕੂਲ ਅਤੇ ਕਾਲਜ ਬੰਦ ਰਹਿਣਗੇ ਪ੍ਰੰਤੂ ਸਾਰਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਸਾਰੇ ਕੰਮਕਾਜ਼ ਵਾਲੇ ਦਿਨਾਂ ਦੌਰਾਨ ਹਾਜ਼ਰ ਰਹੇਗਾ।ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।ਸਾਰੇ ਸਿਆਸੀ ਇਕੱਠਾਂ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਮਹਾਮਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਜਾਣਗੇ, ਜਿਨ੍ਹਾਂ ਵਿਚ ਪ੍ਰਬੰਧਕ, ਭਾਗੀਦਾਰ, ਜਗ੍ਹਾ ਮੁਹੱਈਆ ਕਰਵਾਉਣ ਵਾਲੇ ਅਤੇ ਸਾਮਾਨ ਮੁਹੱਈਆ ਕਰਵਾਉਣ ਵਾਲੇ ਟੈਂਟ ਹਾਊਸ ਆਦਿ ਵੀ ਸ਼ਾਮਲ ਹੋਣਗੇ।ਜ਼ਿਲ੍ਹੇ ਵਿਚ ਹਫ਼ਤੇ ਦੇ ਸਾਰੇ ਦਿਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਗੂ ਰਹੇਗਾ। ਇਸ ਦੌਰਾਨ ਜ਼ਿਲ੍ਹੇ ਦੀ ਹਦੂਦ ਅੰਦਰ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ, ਜਦਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਵਿਚ ਕੰਮਕਾਜ਼ ਤੋਂ ਇਲਾਵਾ ਰੇਲਾਂ, ਹਵਾਈ ਜਹਾਜ਼ਾਂ ਅਤੇ ਬੱਸਾਂ ਵਿਚੋਂ ਉਤਰ ਕੇ ਆਪਣੇ ਟਿਕਾਣਿਆਂ ’ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਕਰਫਿਊ ਤੋਂ ਛੋਟ ਹੋਵੇਗੀ। ਜ਼ਿਲ੍ਹੇ ਅੰਦਰ ਕੋਈ ਵੀ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠ ਜਾਂ ਇਨ੍ਹਾਂ ਨਾਲ ਸਬੰਧ ਸਮਾਗਮ ਨਹੀਂ ਕੀਤਾ ਜਾ ਸਕੇਗਾ। ਵਿਆਹਾਂ, ਦਾਹ-ਸੰਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਅਤੇ ਬਾਹਰੀ ਗਿਣਤੀ 100 ਤੱਕ ਸੀਮਿਤ ਰੱਖੀ ਜਾਵੇਗੀ।ਸਿਨੇਮਾ ਘਰਾਂ, ਥਿਏਟਰਾਂ, ਮਲਟੀਪਲੈਕਸਾਂ ਆਦਿ ਵਿਚ 50 ਫੀਸਦੀ ਦੀ ਹੱਦ ਲਾਗੂ ਰਹੇਗੀ ਅਤੇ ਮਾਲਾਂ ਵਿਚ ਹਰੇਕ ਦੁਕਾਨ ਵਿਚ ਇਕੋ ਸਮੇਂ 10 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ।ਇਸੇ ਤਰ੍ਹਾਂ ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਆਨਲਾਈਨ ਜਾਂ ਵਰਚੂਅਲ ਪ੍ਰਕਿਰਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਦਫ਼ਤਰਾਂ ਵਿਚ ਲੋਕਾਂ ਦੀ ਵਿਅਕਤੀਗਤ ਆਮਦ ਦੀ ਆਗਿਆ ਕੇਵਲ ਅਤਿ ਜ਼ਰੂਰੀ ਹੋਣ ’ਤੇ ਹੀ ਹੋਵੇਗੀ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਕੌਮੀ ਨਿਰਦੇਸ਼ਾਂ, ਕੇਂਦਰੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ’ਚ ਜ਼ਰੂਰੀ ਇਹਤਿਆਤ ਵਰਤੇ ਜਾਣੇ, ਜਿਨ੍ਹਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ।ਇਸ ਤੋਂ ਬਿਨਾਂ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਾਰੀ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ.ਪੀ.ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media