Monday, December 23, 2024

ਕੌਮੀ ਲੋਕ ਅਦਾਲਤ ‘ਚ 608 ਕੇਸਾਂ ਦਾ ਨਿਪਟਾਰਾ, 10,03,78,290 ਰੁਪਏ ਦੇ ਅਵਾਰਡ ਸੁਣਾਏ ਗਏ

ਨਵਾਂਸ਼ਹਿਰ ’ਚ 5 ਤੇ ਬਲਾਚੌਰ ’ਚ ਇਕ ਬੈਂਚ ਲਗਾਇਆ

ਨਵਾਂਸ਼ਹਿਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 6 ਬੈਂਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 1450 ਕੇਸਾਂ ਵਿਚੋਂ 608 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆਂ 10,03,78,290 ਰੁਪਏ (10 ਕਰੋੜ 3 ਲੱਖ 78 ਹਜ਼ਾਰ 290) ਦੇ ਅਵਾਰਡ ਸੁਣਾਏ ਗਏ।
                ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਕੇਸਾਂ ਦੀ ਸੁਣਵਾਈ ਲਈ ਨਵਾਂਸ਼ਹਿਰ ਵਿਖੇ 5 ਅਤੇ ਬਲਾਚੌਰ ਵਿਖੇ ਇਕ ਬੈਂਚ ਲਗਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਲਵਲੀਨ ਸੰਧੂ ਸਿਵਲ ਜੱਜ (ਜੂਨੀਅਰ ਡਵੀਜ਼ਨ) ਕਵਿਤਾ ਅਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ ਵੱਲੋਂ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।
ਇਨ੍ਹਾਂ ਦੇ ਨਾਲ ਮੈਂਬਰ ਦੇ ਤੌਰ ’ਤੇ ਐਡਵੋਕੇਟ ਸਪਨਾ ਜੱਗੀ, ਅਨਿਲ ਕਟਾਰੀਆ, ਅਮਰਦੀਪ ਕੌਸ਼ਲ, ਪ੍ਰਵੇਸ਼ ਕਪੂਰ, ਐਮ.ਪੀ ਨਈਅਰ, ਅਸਲਮਜੀਤ ਸਿੰਘ ਚਾਹਲ, ਸੰਤੋਖ ਸਿੰਘ ਬੰਗੜ, ਸੁਖਰਾਜ ਕੌਰ, ਸ਼ਮਸ਼ੇਰ ਸਿੰਘ ਝਿੱਕਾ, ਜਸ਼ਨਦੀਪ, ਦਿਨੇਸ਼ ਭਾਰਦਵਾਜ ਅਤੇ ਮਨਦੀਪ ਸਿੰਘ ਸ਼ਾਮਲ ਸਨ।
                 ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾ ਦੇ ਕੇਸ, ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿਚ ਨਾ ਚੱਲਦਾ ਹੋਵੇ, ਪਰੰਤੂ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) ’ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਇਆ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …