Friday, March 13, 2026

ਜਿਲ੍ਹਾ ਪੱਧਰੀ ਸਮਾਗਮ ਦੌਰਾਨ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਜ਼ਿਲ੍ਹਾ ਪ੍ਰਸ਼ਾਸਨ ਦਲਿਤ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਵਚਨਬੱਧ- ਡੀ.ਸੀ

ਨਵਾਂਸ਼ਹਿਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਨੂੰ 130ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਰਧਾ ਸੁਮਨ ਅਰਪਿਤ ਕੀਤੇ ਗਏ।ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਨੂੰ ਰਾਜ ਪੱਧਰੀ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਅਤੇ ਔਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਇਕ ਬਿਹਤਰੀਨ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ।ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਲਿਤ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਮਹਿਲਾ ਸਸ਼ਕਤੀਕਰਨ ਲਈ ਵੀ ਨਿਵੇਕਲੇ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਹਰੇਕ ਖੇਤਰ ਵਿਚ ਮੋਹਰੀ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਕੋਵਿਡ-19 ਵਰਗੀ ਭਿਆਨਕ ਮਹਾਮਾਰੀ ਨਾਲ ਜੂਝ ਰਿਹਾ ਹੈ, ਜਿਸ ਤੋਂ ਨਿਜ਼ਾਤ ਪਾਉਣ ਦਾ ਇਕੋ-ਇਕ ਸਥਾਈ ਹੱਲ ਟੀਕਾਕਰਨ ਹੈ।ਇਸ ਲਈ ਸਾਨੂੰ ਰਾਸ਼ਟਰ ਹਿੱਤ ਵਿਚ ਡਾ. ਅੰਬੇਡਕਰ ਦੀ ਸੋਚ ’ਤੇ ਪਹਿਰਾ ਦਿੰਦਿਆਂ ਆਪਣਾ ਟੀਕਾਕਰਨ ਕਰਵਾ ਕੇ ਤੰਦਰੁਸਤ ਅਤੇ ਕੋਵਿਡ ਮੁਕਤ ਭਾਰਤ ਦੀ ਸਿਰਜਣਾ ਵਿਚ ਯੋਗਦਾਨ ਦੇਣਾ ਚਾਹੀਦਾ ਹੈ।ਸਮਾਗਮ ਤੋਂ ਬਾਅਦ ਉਨ੍ਹਾਂ ਸਮੂਹ ਮਹਿਮਾਨਾਂ ਸਮੇਤ ਐਸ.ਡੀ.ਐਮ ਦਫ਼ਤਰ ਵਿਖੇ ਡਾ. ਅੰਬੇਡਕਰ ਦੇ ਬੁੱਤ ’ਤੇ ਵੀ ਸ਼ਰਧਾਂਜਲੀ ਅਰਪਿਤ ਕੀਤੀ।
               ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਤੇ ਰਾਕੇਸ਼ ਕਰਨਾਣਾ, ਯੂਥ ਪ੍ਰਧਾਨ ਹੀਰਾ ਖੇਪੜ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਡੀ.ਐਸ.ਪੀ ਸਵਿੰਦਰਪਾਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਤਹਿਸੀਲ ਭਲਾਈ ਅਫ਼ਸਰ ਸ਼ੁਭਮ ਪੰਕਜ, ਹਿਊਮਨ ਰਾਈਟਸ ਜਾਗ੍ਰਿਤੀ ਮੰਚ ਸੁਸਾਇਟੀ ਦੇ ਪ੍ਰਧਾਨ ਵਾਸਦੇਵ ਪ੍ਰਦੇਸੀ, ਸਾਬਕਾ ਸੈਨਿਕ ਖੜਕ ਸਿੰਘ ਰਾਠੌਰ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …