ਸ਼ਤਾਬਦੀ ਸਬੰਧੀ ਗੁਰੂ ਨਗਰੀ ਦੀਆਂ ਸਭਾ-ਸੁਸਾਇਟੀਆਂ ਦੀ ਇਕੱਤਰਤਾ 20 ਨੂੰ
ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਸਭਾ-ਸੁਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਸ੍ਰੀ ਅੰਮ੍ਰਿਤਸਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਥਾਨਕ ਸੁਸਾਇਟੀਆਂ ਨਾਲ ਇਹ ਇਕੱਤਰਤਾ 20 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਹੋਵੇਗੀ।ਇਸ ਵਿਚ ਧਾਰਮਿਕ ਸਭਾ-ਸੁਸਾਇਟੀਆਂ ਸਿੱਖ ਸੰਸਥਾਵਾਂ ਦੇ ਨਾਲ-ਨਾਲ ਸੰਗਤੀ ਪ੍ਰਬੰਧਾਂ ਲਈ ਸਥਾਨਕ ਹੋਟਲ ਮਾਲਕ ਵੀ ਸ਼ਾਮਲ ਹੋਣਗੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ਤਾਬਦੀ ਸਮਾਗਮ ਕਿਉਂਕਿ ਸ੍ਰੀ ਅੰਮ੍ਰਿਤਸਰ ਵਿਖੇ ਹੋਣੇ ਹਨ ਇਸ ਲਈ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਅਤੇ ਸੰਸਥਾਵਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗੀ।ਇਸੇ ਦਿਨ ਵਿਸ਼ੇਸ਼ ਸਮਾਗਮ ’ਚ ਹਜ਼ਾਰਾਂ ਸਹਿਜ ਪਾਠ ਸਾਹਿਬ ਦੇ ਭੋਗ ਸੰਗਤੀ ਰੂਪ ਵਿਚ ਪਾਏ ਜਾਣਗੇ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਕੀਤੇ ਗਏ ਹਨ।ਉਨ੍ਹਾਂ ਸਹਿਜ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 29 ਅਪ੍ਰੈਲ ਤੋਂ ਪਹਿਲਾਂ ਸੰਪੂਰਨਤਾ ਕਰਨ।ਸਹਿਜ ਪਾਠਾਂ ਦੇ ਭੋਗ ਦਾ ਲਾਈਵ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਇਥੇ ਨਾ ਪੁੱਜ ਸਕਣ ਵਾਲੀਆਂ ਸੰਗਤਾਂ ਘਰਾਂ ਵਿਚੋਂ ਹੀ ਜੁੜ ਸਕਣ।ਬੀਬੀ ਜਗੀਰ ਕੌਰ ਨੇ ਕਿਹਾ ਕਿ 30 ਅਪੈ੍ਰਲ ਨੂੰ ਸਮਾਗਮ ਜਾਰੀ ਰਹਿਣਗੇ ਅਤੇ 1 ਮਈ ਨੂੰ ਕੀਤਾ ਜਾਣ ਵਾਲਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।