Friday, May 22, 2026

ਗੁ. ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਹੋਇਆ ਸੰਪੂਰਨ

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ।
ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਦਿੱਲੀ ਪੁੱਜਾ ਸੀ।ਨਗਰ ਕੀਰਤਨ ਦਿੱਲੀ ਤੋਂ ਹਰਿਆਣਾ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਸੰਪੂਰਨ ਹੋਇਆ ਹੈ।
                  ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ।
                      ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ।ਸੰਪਰਦਾ ਬਾਬਾ ਬਿਧੀ ਚੰਦ ਵੱਲੋਂ ਨਗਰ ਕੀਰਤਨ ਦੇ ਅੱਗੇ ਹਾਥੀ ਉੱਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ।ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਿੰ. ਸੁਰਿੰਦਰ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਗੁਰਮੀਤ ਸਿੰਘ ਬੁੱਟਰ, ਓ.ਐਸ.ਡੀ ਡਾ. ਸੁਖਬੀਰ ਸਿੰਘ, ਤਲਵਿੰਦਰ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …