Monday, June 16, 2025
Breaking News

ਦਮਦਮੀ ਟਕਸਾਲ ਵਲੋਂ 7ਵਾਂ ਪਾਠ ਬੋਧ ਸਮਾਗਮ ਗੁ: ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸੰਪਨ

ਟਕਸਾਲ ਨੇ ਗੁਰਬਾਣੀ ਲਿਖਣ, ਸ਼ੁੱਧ ਉਚਾਰਨ ਤੇ ਵਿਆਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ (ਪਹਿਲੇ ਮੁਖੀ ਦਮਦਮੀ ਟਕਸਾਲ) ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 7ਵਾਂ ਸੰਪਰਨ ਸ਼ੁੱਧ ਪਾਠ ਬੋਧ ਸਮਾਗਮ ਅੱਜ ਸੰਪੰਨ ਹੋ ਗਿਆ ਹੈ।ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ `ਚ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਾਠ ਬੋਧ ਸਮਾਗਮ 10 ਮਾਰਚ ਨੂੰ ਆਰੰਭ ਹੋਇਆ ਸੀ।
                    ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਅਤੇ ਕੌਮੀ ਫ਼ਰਜ਼ਾਂ ਦੇ ਪੰਥਕ ਪ੍ਰਯੋਜਨ ਤੋਂ ਇਲਾਵਾ ਗੁਰਧਾਮਾਂ ਦੀ ਸੇਵਾ ਸੰਭਾਲ, ਗੁਰਬਾਣੀ ਸੰਥਿਆ, ਪ੍ਰਚਾਰ ਅਤੇ ਪਸਾਰ ਵੱਲ ਖ਼ਾਸ ਧਿਆਨ ਦੇਣ ਵਰਗੇ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ ।ਉਨਾਂ ਕਿਹਾ ਕਿ ਦਮਦਮੀ ਟਕਸਾਲ ਆਪਣੇ ਸਥਾਪਨਾ ਦੇ ਸਮੇਂ ਤੋਂ ਹੀ ਗੁਰਬਾਣੀ ਲਿਖਣ, ਉਚਾਰਨ ਅਤੇ ਵਿਆਖਿਆ ਵੱਲ ਖਾਸ ਧਿਆਨ ਦੇ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰਬਾਣੀ ਅਦਬ ਦੇ ਖੇਤਰ ਵਿਚ ਦਮਦਮੀ ਟਕਸਾਲ ਦੀ ਕੌਮ ਨੂੰ ਬਹੁਤ ਵੱਡੀ ਦੇਣ ਹੈ, ਇਸ ਦੇ ਵਿਦਵਾਨਾਂ ਨੇ ਗੁਰਬਾਣੀ ਸ਼ੁੱਧ ਉਚਾਰਨ ਨੂੰ ਸੰਭਾਲ ਕੇ ਰੱਖਿਆ ਹੈ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਮਤਿ ਦੇ ਧਾਰਨੀ ਹੋਣਾ ਹੀ ਸ਼ਤਾਬਦੀ ਸਮਾਗਮਾਂ ਦਾ ਅਸਲ ਹਾਸਲ ਹੋ ਸਕਦਾ ਹੈ।
                 ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਹਿਰਦੇ ਦੀ ਸ਼ੁੱਧਤਾ ਅਤੇ ਨਿਰਮਲਤਾ ਲਈ ਗੁਰਬਾਣੀ ਦੇ ਸੂਖਮ ਗਹਿਰਾਈਆਂ ਨੂੰ ਸਮਝਣ ਅਤੇ ਸ਼ੁੱਧ ਬੋਧ ਦਾ ਗਿਆਨ ਜ਼ਰੂਰੀ ਹੈ।ਸਹੀ ਉਚਾਰਨ ਬਿਨਾਂ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਨਹੀਂ ਜਾ ਸਕਦਾ ਹੈ।ਸਿੱਖ ਕੌਮ `ਚ ਸ਼ੁੱਧ ਪਾਠ ਪ੍ਰਤੀ ਆਏ ਅਵੇਸਲੇਪਣ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਤ ਜਾਗਰੂਕ ਹੋਣ ਨਾਲ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਵਿਚੋਂ ਗੁਰਬਾਣੀ ਉਚਾਰਨ ਪ੍ਰਤੀ ਅਵੇਸਲਾਪਣ ਦੂਰ ਹੋਵੇਗਾ।ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੀਬ 1000 ਅੰਗ ਤਕ ਦਾ ਅਰਥਾਵਲੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਬਾਕੀ ’ਤੇ ਕਾਰਜ਼ ਜਾਰੀ ਹੈ।
                ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਜਦ ਵੀ ਕੌਮ ’ਤੇ ਭੀੜ ਬਣੀ ਜਾਂ ਕਿਸੇ ਨੇ ਲਲਕਾਰਿਆ ਦਮਦਮੀ ਟਕਸਾਲ ਨੇ ਹਮੇਸ਼ਾਂ ਅੱਗੇ ਹੋ ਕੇ ਲੜਾਈ ਲੜੀ ਹੈ।ਸ਼਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖੀ ਲਈ ਬਹਿਰੂਨੀ ਹੀ ਨਹੀਂ ਸਗੋਂ ਅੰਦਰੂਨੀ ਹਮਲੇ ਵਧ ਘਾਤਕ ਹਨ।ਸ਼਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਰਕਵਾਦੀ ਲੋਕ ਦੀ ਗੁਰਮਤਿ ਦੀ ਉਲੰਘਣਾ ਕਰ ਕੇ ਨਵੀਆਂ ਲੀਹਾਂ ਪਾਉਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ।ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਚਰਨਜੀਤ ਸਿੰਘ ਜੱਸੋਵਾਲ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਕਾਰਸੇਵਾ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਵੀ ਸੰਬੋਧਨ ਕੀਤਾ।ਸਟੇਜ਼ ਦੀ ਸੇਵਾ ਗਿਆਨੀ ਜੀਵਾ ਸਿੰਘ ਅਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …