Sunday, December 22, 2024

ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਕੈਡਮੀ ਸਥਾਪਿਤ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਦਿੱਤੀ ਪ੍ਰਵਾਨਗੀ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੋਚਿੰਗ ਅਕੈਡਮੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਕੈਡਮੀ ਸਥਾਪਿਤ ਕੀਤੀ ਜਾ ਰਹੀ ਹੈ, ਜਿਸ ਦਾ ਨਾਂ ‘ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਕੰਪੀਟੀਟਿਵ ਸਟੱਡੀਜ਼’ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਬਾਰੇ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਤੇ ਸਿਫਾਰਸ਼ਾਂ ਅਨੁਸਾਰ ਇਹ ਅਕੈਡਮੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਈ ਜਾਵੇਗੀ।ਅਕੈਡਮੀ ਵਿਚ ਆਈ.ਏ.ਐਸ, ਆਈ.ਪੀ.ਐਸ, ਐਨ.ਡੀ.ਏ, ਪੀ.ਸੀ.ਐਸ ਅਤੇ ਏ ਗ੍ਰੇਡ ਦੀਆਂ ਕੇਂਦਰੀ ਜਾਂ ਸਟੇਟ ਸਰਵਿਸਜ਼ ਲਈ ਤਿਆਰੀ ਕਰਵਾਈ ਜਾਵੇਗੀ।
                   ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਦਾ ਸਾਬਤ ਸੂਰਤ ਹੋਣਾ ਲਾਜ਼ਮੀ ਹੋਵੇਗਾ ਅਤੇ ਕੇਵਲ ਸਿੱਖ ਧਰਮ ਨਾਲ ਸਬੰਧਤ ਵਿਦਿਆਰਥੀ ਰੱਖੇ ਜਾਣਗੇ।ਗ੍ਰੈਜੂਏਟ ਪੱਧਰ ਤੱਕ ਪੜ੍ਹੇ ਵਿਦਿਆਰਥੀਆਂ ਦੀ ਉਮਰ ਘਟੋ-ਘੱਟ 20 ਸਾਲ ਹੋਣੀ ਜ਼ਰੂਰੀ ਹੋਵੇਗੀ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੋਚਿੰਗ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਪਾਸੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾਵੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੀ ਗਈ ਖੇਡ ਅਕੈਡਮੀ ਲਈ ਜਿਨ੍ਹਾਂ ਲੜਕੀਆਂ ਦੇ ਟਰਾਇਲ ਲਏ ਗਏ ਸਨ, ਉਨ੍ਹਾਂ ਵਿੱਚੋਂ ਕੀਤੀ ਚੋਣ ਨੂੰ ਪ੍ਰਵਾਨ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਸਟਲ ਲਈ ਇਕ ਸਰ੍ਹਾਂ ਦੀ ਵਰਤੋਂ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਖੇਡ ਅਕੈਡਮੀ ਲਈ ਚੁਣੀਆਂ ਲੜਕੀਆਂ ਨੂੰ ਵਧੀਆ ਕੋਚ, ਖੇਡ ਕਿੱਟਾਂ ਤੇ ਖਾਣਾ ਆਦਿ ਦੇ ਨਾਲ-ਨਾਲ ਪੜ੍ਹਾਈ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
                      ਇਕ ਹੋਰ ਅਹਿਮ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜਨੇਪੇ ਲਈ ਦਾਖ਼ਲ ਬੀਬੀਆਂ ਕੋਲੋਂ ਕੋਈ ਖਰਚ ਨਹੀਂ ਲਿਆ ਜਾਵੇਗਾ।ਇਸ ਦੇ ਨਾਲ ਹੀ ਹਸਪਤਾਲ ਵਿਖੇ ਲੜਕੀ ਪੈਦਾ ਹੋਣ ’ਤੇ 1100 ਰੁਪਏ ਦਾ ਸ਼ਗਨ ਵੀ ਦਿੱਤਾ ਜਾਵੇਗਾ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਜਿਹੜੇ ਮੁਲਾਜ਼ਮ ਡਿਊਟੀ ਦੌਰਾਨ ਸਵਰਗਵਾਸ ਹੋਏ ਹਨ, ਉਨ੍ਹਾਂ ਦੇ ਬੱਚਿਆਂ ਵਿੱਚੋਂ ਇਕ ਨੂੰ ਯੋਗਤਾ ਅਨੁਸਾਰ ਤਰਸ ਦੇ ਅਧਾਰ ’ਤੇ ਨੌਕਰੀ ਦਿੱਤੀ ਜਾਵੇਗੀ।
                    ਮੀਟਿੰਗ ਦੌਰਾਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਦਲਵਾਰ ਸਿੰਘ ਛੀਨੀਵਾਲ, ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਸਤਿਕਾਰਯੋਗ ਮਾਤਾ ਬੀਬੀ ਜਰਨੈਲ ਕੌਰ ਸਬੰਧੀ ਸ਼ੋਕ ਮਤਾ ਪਾਸ ਕੀਤਾ ਗਿਆ।
                     ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ ਤੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …