`ਟੀਕਾ ਉਤਸਵ` ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ
ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ
ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਊਸ਼ਾ ਕਿਰਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਗੁੱਜਰਪੁਰ, ਜਾਡਲਾ, ਘਟਾਰੋਂ ਅਤੇ ਕਾਹਲੋਂ ਟੀਕਾਕਰਨ ਕੇਂਦਰਾਂ ਸਮੇਤ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਦੌਰਾ ਕੀਤਾ ਅਤੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕੀਤੀ।
ਡਾ. ਊਸ਼ਾ ਕਿਰਨ ਨੇ ਦੱਸਿਆ ਕਿ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਅੱਜ ਸਿਹਤ ਬਲਾਕ ਦੇ ਵੱਖ-ਵੱਖ ਪਿੰਡਾਂ ਨੂੰ ਕਵਰ ਕੀਤਾ ਗਿਆ ਜਿਨ੍ਹਾਂ ਵਿਚ 45 ਸਾਲ ਤੋਂ ਵੱਧ ਉਮਰ ਦੇ ਕੁੱਲ 382 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ।ਪਿੰਡ ਵਿਚ ਦੋਪਾਲਪੁਰ 10, ਜਾਡਲਾ ਵਿਚ 20, ਘਟਾਰੋਂ ਵਿਚ 50, ਘੁੱਜਰਪੁਰ ਵਿਚ 49, ਕਾਹਲੋਂ ਵਿਚ 20, ਭਾਰਟਾ ਖੁਰਦ ਵਿਚ 60, ਹਿਆਲਾ ਵਿਚ 70, ਲੰਗੜੋਆ ਵਿਚ 26, ਜੇਠੂ ਮਜਾਰਾ ਵਿਚ 37 ਅਤੇ ਅਰਬਨ ਰਾਹੋਂ ਵਿਚ 40 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
ਡਾ. ਕਿਰਨ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਟੈਕਟ ਟ੍ਰੇਸਿੰਗ ਅਤੇ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।
ਸੀਨੀਅਰ ਮੈਡੀਕਲ ਅਫਸਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ `ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ।ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਅਸੀਂ ਸਵੱਛ ਅਤੇ ਸੁਰੱਖਿਅਤ ਹੱਥਾਂ ਨਾਲ ਹੀ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿਚ ਸਫਲ ਹੋਵਾਂਗੇ।
Check Also
ਨਗਰ ਨਿਗਮ ਵਲੋਂ ਸਵੱਛਤਾ ਰੈਲੀ ਦਾ ਆਯੋਜਨ 20-21-22 ਅਪ੍ਰੈਲ – ਮੇਅਰ ਅਤੇ ਕਮਿਸ਼ਨਰ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ …
Punjab Post Daily Online Newspaper & Print Media