ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ
ਮੰਜੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਕੀਰਤਨ ਦੀ ਸੇਵਾ ਨਿਭਾਈ।ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਾਵਨ ਗੁਰਬਾਣੀ ਦਾ ਕੀਰਤਨ ਸੰਗਤ ਨੂੰ ਸਰਵਣ ਕਰਵਾਇਆ।ਅੱਜ ਦੇ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਜਿਨ੍ਹਾਂ ਵਿਚ ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲੇ, ਬੀਬੀ ਅਮਰਜੀਤ ਕੌਰ ਸ੍ਰੀ ਅੰਮ੍ਰਿਤਸਰ ਵਾਲੇ, ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਮਨਿੰਦਰ ਸਿੰਘ ਨੇ ਹਾਜ਼ਰੀ ਭਰੀ।ਇਸ ਤੋਂ ਇਲਾਵਾ ਬੀਬੀ ਰਾਜਵੰਤ ਕੌਰ ਦੇ ਢਾਡੀ ਜਥੇ ਨੇ ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸ ਦੀ ਸਾਂਝ ਪਾਈ ਅਤੇ ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਵੀ ਹਾਜ਼ਰੀ ਭਰੀ।ਸਟੇਜ਼ ਦੀ ਸੇਵਾ ਹੈਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਜਗਦੇਵ ਸਿੰਘ ਤੇ ਬੀਬੀ ਹਰਪ੍ਰੀਤ ਕੌਰ ਨੇ ਨਿਭਾਈ।
ਇਸੇ ਦੌਰਾਨ ਬਾਅਦ ਦੁਪਹਿਰ ਕਵੀ ਦਰਬਾਰ ਹੋਇਆ, ਜਿਸ ਵਿੱਚ ਡਾ. ਸਰਬਜੀਤ ਕੌਰ ਸੰਧਾਵਾਲੀਆਂ, ਬੀਬੀ ਜਤਿੰਦਰ ਕੌਰ ਅਨੰਦਪੁਰੀ, ਬੀਬੀ ਮਨਜੀਤ ਕੌਰ ਪਹੂਵਿੰਡ, ਬੀਬੀ ਨਵਰੂਪ ਕੌਰ ਤਰਨ ਤਾਰਨ, ਬੀਬੀ ਹਰਮੀਤ ਕੌਰ ਖ਼ਾਲਸਾ, ਡਾ. ਗੁਰਚਰਨ ਕੌਰ, ਬੀਬੀ ਬੇਅੰਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕਵਲਜੀਤ ਕੌਰ ਤੇ ਬੀਬੀ ਰਾਜਵਿੰਦਰ ਕੌਰ ਨੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੱਲ ਰਹੇ ਵੱਖ-ਵੱਖ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਗੁਰਬਾਣੀ ਕੀਰਤਨ ਨਿਰੰਤਰ ਜਾਰੀ ਰਿਹਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ।ਇਸ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀ ਆਮਦ ਜਾਰੀ ਰਹੀ।ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਸਮਾਗਮਾਂ ਦਾ ਵੱਖ-ਵੱਖ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਗਿਆ, ਜਿਸ ਦੁਆਰਾ ਦੇਸ਼ ਵਿਦੇਸ਼ ਦੀਆਂ ਸੰਗਤਾਂ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੀਆਂ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media