Wednesday, June 24, 2026

ਝੋਨੇ ਦੀਆਂ ਹਾਈਬ੍ਰਿਡ ਤੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਨਾ ਕੀਤੀ ਜਾਵੇ – ਬਲਾਕ ਖੇਤੀਬਾੜੀ ਅਫਸਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਬੀਜ਼ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬੱਧ ਕਰਵਾਉਣ ਲਈ ਬਲਾਕ ਪਠਾਨਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਸੁਜਾਨਪੁਰ, ਸਰਨਾ ਅਤੇ ਕੋਟਲੀ ਮੁਗਲਾਂ ਵਿਖੇ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੇ ਵਿਉਪਾਰਕ ਅਦਾਰਿਆਂ ਦੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਦੇ ਨਾਲ ਡਾ. ਮਨਦੀਪ ਕੌਰ, ਡਾ. ਪ੍ਰਿਅੰਕਾ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਅਮਨਦੀਪ ਸਿੰਘ ਹਾਜ਼ਰ ਸਨ।
            ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਹੁਕਮਾਂ ਤੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸ਼ੁੱਧ ਖੇਤੀ ਸਮੱਗਰੀ ਵੇਚਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਵਿੱਚ ਕਿਸਮ ਅਤੇ ਬੀਜ਼ ਦਾ ਬਹੁਤ ਵੱਡਾ ਰੋਲ ਹੈ, ਕਿਉਂਕਿ ਆਮ ਕਰਕੇ ਬੀਜ਼ ਵਿਕ੍ਰੇਤਾ ਅਤੇ ਆੜ੍ਹਤੀ ਭਰਾ ਕਿਸਾਨਾਂ ਨੂੰ ਸਬਜ਼ਬਾਗ ਦਿਖਾ ਕੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ਼, ਕਿਸਾਨਾਂ ਨੂੰ ਮਹਿੰਗੇ ਭਾਅ ਵੇਚਦੇ ਹਨ।ਉਨਾਂ ਕਿਹਾ ਕਿ ਆਮ ਕਰਕੇ ਕਿਸਾਨਾਂ ਵਲੋਂ ਵੇਖੋ ਵੇਖੀ ਕੁੱਝ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਕਰ ਲਈ ਜਾਂਦੀ ਹੈ ਜਿਸ ਕਾਰਨ ਮੰਡੀ ਵਿੱਚ ਮੰਡੀਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਨੂੰ ਕੁੱਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
              ਉਨਾਂ ਕਿਹਾ ਕਿ ਕੁੱਝ ਬੀਜ਼ ਵਿਕ੍ਰੇਤਾ ਹਾੜੀ-ਸਾਉਣੀ ਤੋਂ ਪਹਿਲਾਂ ਅਖਬਾਰਾਂ, ਟੀ.ਵੀ ਵਿੱਚ ਇਸ਼ਤਿਹਾਰ ਦੇ ਕੇ ਆਪਣੇ ਦੁਆਰਾ ਤਿਆਰ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਮਸ਼ਹੂਰੀ ਕਰਕੇ ਕਿਸਾਨਾਂ ਨੂੰ ਗੁਮਰਾਹ ਕਰਦੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਕਿਸਾਨ ਬੀਜ਼ ਖ੍ਰੀਦ ਕੇ ਝੋਨੇ ਦੀ ਕਾਸ਼ਤ ਕਰਦੇ ਹਨ, ਜੋ ਕਈ ਵਾਰ ਕਿਸਾਨਾਂ ਲਈ ਘਾਟੇ ਵਾਲਾ ਸੌਦਾ ਸਾਬਿਤ ਹੁੰਦਾ ਹੈ।ਉਨਾਂ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਅਤੇ ਹਾਈਬ੍ਰਿਡ ਝੋਨੇ ਦੀ ਕਾਸ਼ਤ ਕਰਨ ਨਾਲ ਜਿਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਉਥੇ ਸ਼ੈਲਰ ਉਦਯੋਗ ਨੂੰ ਭਾਰੀ ਨੁਕਸਾਨ ਹੁੰਦਾ ਹੈ।ਇਸ ਲਈ ਪਿਛਲੇ ਸਾਲ ਤਜ਼ਰਬੇ ਨੂੰ ਸਾਹਮਣੇ ਰੱਖਦਿਆਂ ਹਾਈਬ੍ਰਿਡ ਅਤੇ ਗੈਰ ਸਿਫਾਰਸ਼ੀ ਕਿਸਮਾਂ ਦੀ ਕਾਸਤ ਨਹੀਂ ਕਰਨੀ ਚਾਹੀਦੀ।
                  ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪੀ.ਆਰ 129,128,122, 121, ਪੀ.ਆਰ 127, ਪੀ.ਆਰ 124 ਪੀ.ਆਰ 126 ਦੀ ਕਾਸ਼ਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।ਉਨਾਂ ਨੇ ਕਿਹਾ ਕਿ ਕਿਸੇ ਵੀ ਫਸਲ ਦਾ ਬੀਜ਼ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੀ.ਏ.ਯੂ ਜਾਂ ਕਿਸੇ ਲਾਇਸੈਂਸਧਾਰੀ ਬੀਜ਼ ਵਿਕ੍ਰੇਤਾ ਤੋਂ ਹੀ ਖ੍ਰੀਦਣਾ ਚਾਹੀਦਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …