ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) – ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ
ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਉਨ੍ਹਾਂ ਨੇ ਮੌਜੂਦਾ ਸਮੇਂ ਕੋਰੋਨਾ ਕਾਰਨ ਨਾਜ਼ੁਕ ਹਾਲਾਤ ਕਾਰਣ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।ਇਸ ਤੋਂ ਇਲਾਵਾ ਲਾਕਡਾਊਨ ਦੌਰਾਨ ਸ਼ਨਿਚਰਵਾਰ ਤੇ ਐਤਵਾਰ ਨੂੰ ਦਫ਼ਤਰ ਮੁਕੰਮਲ ਬੰਦ ਰਹਿਣਗੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਪ੍ਰਗਟਾਉਣ ਲਈ ਪੁੱਜਣ ਸਮੇਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ।ਸ਼ਰਧਾਲੂ ਮਾਸਕ ਪਹਿਨਣ ਅਤੇ ਇਕ ਦੂਸਰੇ ਤੋਂ ਨਿਰਧਾਰਿਤ ਦੂਰੀ ਬਣਾ ਕੇ ਰੱਖਣ।ਇਸ ਦੇ ਨਾਲ ਹੀ ਸੁਰੱਖਿਆ ਲਈ ਹੱਥਾਂ ਨੂੰ ਸੈਨੀਟਾਈਜ਼ ਵੀ ਕਰਦੇ ਰਹਿਣ।ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕੀ ਸਟਾਫ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਡਿਊਟੀ ਕਰਨ ਲਈ ਕਿਹਾ ਗਿਆ ਹੈ।ਸੈਨੀਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਵੇਸ਼ ਸਥਾਨਾਂ ’ਤੇ ਹੱਥ ਸਾਫ ਕਰਨ ਲਈ ਵੀ ਉਚਿਤ ਪ੍ਰਬੰਧ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਕੋਰੋਨਾ ਤੋਂ ਬਚਾਅ ਲਈ ਪ੍ਰੇਰਣਾ ਕਰਨ ਵਾਸਤੇ ਸੇਵਾਦਾਰਾਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਕੇਂਦਰਾਂ ’ਤੇ ਮੈਡੀਕਲ ਸਟਾਫ ਦੇ ਨਾਲ-ਨਾਲ ਆਕਸੀਜਨ ਤੇ ਐਮਰਜੈਂਸੀ ਲਈ ਐਂਬੂਲੈਂਸ ਦਾ ਵੀ ਪ੍ਰਬੰਧ ਹੈ।
Punjab Post Daily Online Newspaper & Print Media