ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ ) – ਇਥੋਂ ਨੇੜਲੇ ਪਿੰਡ ਉਗਰਾਹਾਂ ਦੇ 27 ਸਾਲਾ ਨੌਜਵਾਨ ਅਮਨਜੀਤ ਸਿੰਘ ਪੁੱਤਰ ਘੁਮੰਡ ਸਿੰਘ ਨੇ ਕਰੋਨਾ ਲੋਕਡਾਉਨ ਕਾਰਨ ਆਈ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।ਇਸ ਸਬੰਧੀ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਅਮਨਜੀਤ ਸਿੰਘ ਆਪਣੇ ਭਰਾ ਨਾਲ ਮਿਲ ਕੇ ਹਲਵਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।ਪਿਛਲੇ ਸਾਲ ਅਤੇ ਮੌਜ਼ੂਦਾ ਸਮੇਂ ‘ਚ ਲੱਗੇ ਲਾਕਡਾਊਨ ਕਾਰਨ ਕੰਮ ਕਾਰ ਠੱਪ ਹੋ ਗਿਆ।ਪਰਿਵਾਰ ਦਾ ਗੁਜ਼ਾਰਾ ਮੁਸ਼ਕਲ ਹੋਣ ‘ਤੇ ਉਸ ਨੇ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ।
ਕਾਮਰੇਡ ਗੋਬਿੰਦ ਸਿੰਘ ਛਾਜ਼ਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਤਮ ਹੱਤਿਆ ਕਰ ਚੁੱਕੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।ਉਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੋ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ ਉਨ੍ਹਾਂ ਦੁਕਾਨਾਂ ਨੂੰ ਬੰਦ ਨਾ ਕਰਵਾਇਆ ਜਾਵੇ।ਜੇਕਰ ਸਰਕਾਰ ਇਸੇ ਤਰ੍ਹਾਂ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਕੇ ਦੁਕਾਨਾਂ ਬੰਦ ਕਰਵਾਏਗੀ ਤਾਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
ਉਧਰ ਪੁਲੀਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਰਕਾਰੀ ਸਿਵਲ ਹਸਪਤਾਲ ਸੁਨਾਮ ਵਿਖੇ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਛਾਜਲੀ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …