ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ
ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਇਕ ਨਵੇਕਲੀ ਮੀਡੀਆ ਕੰਪੇਨ ਦੀ ਸ਼ੁਰੂਆਤ ਕੀਤੀ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇਕ ‘ਚੇਤਾਵਨੀ ਪੈਂਫਲੇਟ’ ਜਾਰੀ ਕੀਤਾ ਹੈ, ਜਿਸ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਗੰਭੀਰ ਨਤੀਜਿਆਂ ਤੋਂ ਜਾਗਰੂਕ ਕਰਨਾ ਹੈ, ਜੋ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਨਹੀਂ ਕਰ ਰਹੇ ਹਨ।ਪੈਂਫਲੇਟ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਫੇਸ ਮਾਸਕ ਪਾਉਣ ਦੀ ਚੇਤਾਵਨੀ ਦਿੱਤੀ ਗਈ।ਇਸ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਤਸਵੀਰ ਰਾਹੀਂ ਦਰਸਾਇਆ ਗਿਆ ਹੈ ਕਿ ਜੇਕਰ ਉਹ ‘ਫੇਸ ਮਾਸਕ’ ਨਹੀਂ ਪਾਉਂਦੇ ਤਾਂ ਉਨ੍ਹਾਂ ਨੂੰ ‘ਆਕਸੀਜਨ ਮਾਸਕ’ ਪਾਉਣਾ ਪੈ ਸਕਦਾ ਹੈ।
ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਚੇਤਾਵਨੀ ਪੈਂਫਲੇਟ ਲੋਕਾਂ ਨੂੰ ਜਾਗਰੂਕ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ।ਉਨ੍ਹਾਂ ਕਿਹਾ ਕਿ “ਕਹਿੰਦੇ ਹਨ ਕਿ ਇਕ ਤਸਵੀਰ 1000 ਸ਼ਬਦਾਂ ਦੇ ਬਰਾਬਰ” ਹੁੰਦੀ ਹੈ ਅਤੇ ਇਸ ਪੈਂਫਲੇਟ ਰਾਹੀਂ ਉਨ੍ਹਾਂ ਲੋੋਕਾਂ ਨੂੰ ਇਕ ਸਖਤ ਸੰਦੇਸ਼ ਮਿਲੇਗਾ ਜੋ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖਤੀ ਨਾਲ ਪਾਲਣਾ ਨਹੀਂ ਕਰਦੇ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਜਸਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਠਾਕੁਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media