ਸ਼ਹੀਦ ਦੇ ਜੱਦੀ ਪਿੰੰਡ ਖੇੜੀ ਵਿਖੇ ਐਸ.ਡੀ.ਐਮ, ਡੀ.ਐਸ.ਪੀ ਤੇ ਹੋਰਨਾਂ ਨੇ ਦਿੱਤੀ ਵਿਦਾਇਗੀ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ ’ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ।
ਸ਼ਹੀਦ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਅਤੇ ਫ਼ੌਜੀ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਪਿੰਡ ਖੇੜੀ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ 11 ਸਾਲਾ ਪੁੱਤਰ ਗੁਰਸੇਵਕ ਸਿੰਘ ਵਲੋਂ ਅਗਨੀ ਦਿਖਾਈ ਗਈ।ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ‘ਚ ਲੋਕ ਪੁੱਜੇ ਜਿੰਨਾਂ ਦੀ ਹਰ ਅੱਖ ਨਮ ਸੀ ।
ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।ਫ਼ੌਜੀ ਅਧਿਕਾਰੀਆਂ ਨੇ ਭਾਵੁਕ ਮਾਹੌਲ ’ਚ ਸ਼ਹੀਦ ਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਕੇ ਸਲਾਮੀ ਦਿੱਤੀ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ ਸੰਗਰੂਰ ਯਸ਼ਪਾਲ ਸ਼ਰਮਾ ਅਤੇ ਡੀ.ਐਸ.ਪੀ ਸਤਪਾਲ ਸ਼ਰਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ।ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਚਰਨਾ ’ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਇਤਾਂ ਮੁਤਾਬਿਕ ਸ਼ਹੀਦ ਦੇ ਪਰਿਵਾਰ ਨੂੰ ਐਕਸ਼ੀਗ੍ਰੇਸੀਆ ਗ੍ਰਾਂਟ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਪਰਿਵਾਰਾਂ ਦੀ ਲੋੜੀਂਦੀ ਸਹਾਇਤਾ ਲਈ ਵਚਨਬੱਧ ਹੈ।
ਇਸ ਮੌਕੇ ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰ ਤੋਂ ਸੁਪਰਡੈਂਟ ਹਰਜੀਤ ਸਿੰਘ, ਅਸ਼ੋਕ ਕੁਮਾਰ ਸਮੇਤ ਹੋਰ ਸਮਾਜਿਕ, ਧਾਰਮਿਕ, ਰਾਜਸੀ ਆਗੂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।