ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ
ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ
ਵਿਖੇ ਤਿਆਰ ਕੀਤਾ ਗਿਆ 25 ਬੈਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ।ਇਸ ਦਾ ਉਦਘਾਟਨ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।ਇਹ ਕੋਰੋਨਾ ਕੇਅਰ ਕੇਂਦਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਨਾਲ ਜੋੜਿਆ ਗਿਆ ਹੈ।ਜਿਸ ਦੇ ਡਾਕਟਰ ਤੇ ਨਰਸਿੰਗ ਸਟਾਫ਼ ਇਸ ਕੇਂਦਰ ਵਿੱਚ ਕਾਰਜਸ਼ੀਲ ਰਹਿਣਗੇ।ਇਸ ਕੇਂਦਰ ਵਿਚ ਕੋਰੋਨਾ ਮਰੀਜ਼ਾਂ ਦਾ ਮੁੱਢਲਾ ਇਲਾਜ਼ ਬਿਲਕੁੱਲ ਮੁਫ਼ਤ ਹੋਵੇਗਾ ਤੇ ਐਂਮਰਜੈਂਸੀ ਹਾਲਾਤ ਵਿਚ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਅੰਮ੍ਰਿਤਸਰ ਵਿਖੇ 100 ਬੈਡ ਕੋਰੋਨਾ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਰਾਖਵੇਂ ਕੀਤੇ ਗਏ ਹਨ।ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਜਿਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਵੀ ਲਿਖਿਆ ਗਿਆ ਹੈ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਪਰੰਤੂ ਇਸ ਲਈ ਤਰਲ ਆਕਸੀਜਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਪਾਈ ਹੈ, ਲੇਕਿਨ ਅਜੇ ਤੱਕ ਇਸ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਲਈ ਕੇਂਦਰ ਪਾਸੋਂ ਲੋੜੀਂਦੀ ਮਨਜ਼ੂਰੀ ਵੀ ਲਈ ਹੋਈ ਹੈ ਅਤੇ ਆਕਸੀਜਨ ਲਈ ਇਨਓਾਕਸ ਏਅਰ ਪ੍ਰੋਡਕਟ ਕੰਪਨੀ ਨਾਲ ਸਮਝੌਤਾ ਵੀ ਸਹੀਬੱਧ ਕੀਤਾ ਜਾ ਚੁੱਕਾ ਹੈ।ਪਰੰਤੂ ਫਿਰ ਵੀ ਤਰਲ ਆਕਸੀਜਨ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਦੀਆਂ ਪਾਬੰਦੀਆਂ ਅੜਿੱਕਾ ਬਣੀਆਂ ਹੋਈਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡੀਨ ਡਾ. ਸ਼ੌਕੀਨ ਸਿੰਘ, ਡਾ. ਏ.ਪੀ. ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਰਣਜੀਤ ਸਿੰਘ ਰਿੰਪੀ ਪ੍ਰਧਾਨ, ਮਨਪ੍ਰੀਤ ਸਿੰਘ ਰਿੰਕੀ, ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਬੋਪਾਰਾਏ, ਗੁਰਮੇਲ ਸਿੰਘ ਰੋਇਲ ਪੈਲੇਸ, ਮੈਨੇਜਰ ਸਤਿੰਦਰ ਸਿੰਘ, ਕੁਲਵੰਤ ਸਿੰਘ ਸਹਿਗਲ, ਮਨਿੰਦਰ ਸਿੰਘ ਐਡਵੋਕੇਟ, ਜਸਵੰਤ ਸਿੰਘ, ਸੰਗਤ ਸਿੰਘ, ਪਰਮਜੀਤ ਸਿੰਘ ਪ੍ਰਧਾਨ ਆਦਿ ਸ਼ਾਮਲ ਸਨ।
Punjab Post Daily Online Newspaper & Print Media