ਕਿਹਾ, ਕਿਸਾਨਾਂ ਦਾ ਰਹਿੰਦਾ ਬਕਾਇਆ ਵੀ ਜਲਦ ਹੋਵੇਗਾ ਜਾਰੀ
ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ
ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਪਹਿਲੇ ਫੇਜ਼ ਵਜੋਂ ਸ਼ੂਗਰਫੈੱਡ ਨੂੰ 100 ਕਰੋੜ ਰੁਪਏ ਜਾਰੀ ਕਰਨ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਕੋਵਿਡ ਮਹਾਮਾਰੀ ਦੀ ਇਸ ਔਖੀ ਘੜੀ ਵਿਚ ਬੇਹੱਦ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਬਾਂਹ ਫੜ੍ਹਨਾ ਇਕ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਰੁਕੇ ਹੋਏ ਬਕਾਏ ਦੀ ਅਦਾਇਗੀ ਦਾ ਰਾਹ ਪੱਧਰਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿਚ ਸਹਿਕਾਰੀ ਮਿੱਲਾਂ ਨੂੰ ਬਕਾਏ ਦੀ ਅਦਾਇਗੀ ਲਈ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਗੰਨਾ ਕਾਸ਼ਤਕਾਰਾਂ ਦੇ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਵੀ ਪਹਿਲ ਦੇ ਆਧਾਰ ’ਤੇ ਜਲਦ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਉਹ ਪਿਛਲੇ ਹਫ਼ਤੇ ਵੀ ਇਸ ਸਿਲਸਿਲੇ ਵਿ ਚ ਵਿੱਤ ਮੰਤਰੀ ਨੂੰ ਮਿਲੇ ਸਨ ਅਤੇ ਅੱਜ ਦੁਬਾਰਾ ਮੁਲਾਕਾਤ ਕਰ ਕੇ ਕਿਸਾਨਾਂ ਦੀ ਬਾਂਹ ਫੜ੍ਹਜ਼ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਰਹਿੰਦਾ ਬਕਾਇਆ ਵੀ ਜਲਦ ਜਾਰੀ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਨਾਲ ਜੁੜੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
Punjab Post Daily Online Newspaper & Print Media