Wednesday, August 26, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 1014 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-59 ਦੇ ਕੀਤੇ ਚਲਾਨ

ਲਾਕਡਾਊਨ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1014 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 59 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                  ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲਾਕਡਾਊਨ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਤਪਾਲ ਪੁੱਤਰ ਜਗਵੀਰ ਸਿੰਘ ਵਾਸੀ ਮਾਹਲ, ਜ਼ਿਲ੍ਹਾ ਅੰਮ੍ਰਿਤਸਰ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਉਸ ਵੱਲੋਂ ਲਾਕਡਾਊਨ ਦੌਰਾਨ ਦਾਰ ਜੀ ਢਾਬਾ ਨਵਾਂਸ਼ਹਿਰ ਨੇੜ੍ਹੇ ਬੇਸਮੈਂਟ ਵਿਚ ਬਣਾ ‘ਪ੍ਰੋਫੈਸ਼ਨਲ ਸਪਾ ਯੂਨੀਸੈਕਸ’ ਨਾਮਕ ਮਸਾਜ਼ ਦੀ ਦੁਕਾਨ ਖੋਲ੍ਹੀ ਹੋਈ ਸੀ।
                    ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …