Sunday, September 27, 2026

ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨੇ ਲਗਵਾਇਆ ਕੋਵਿਡ ਰੋਕੂ ਟੀਕਾ

ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਨੇ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਅਤੇ ਉਥੇ ਚੱਲ ਰਹੇ ਟੀਕਾਕਰਨ ਦਾ ਜਾਇਜ਼ਾ ਵੀ ਲਿਆ।ਇਸ ਦੌਰਾਨ ਉਨ੍ਹਾਂ ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਟੀਕਾਕਰਨ ਲਈ ਯੋਗ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਕੋਵਿਡ ਰੋਕੂ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਟੀਕਾਕਰਨ ਅਤੇ ਕੋਵਿਡ ਸਾਵਧਾਨੀਆਂ ਵਰਤਣ ਨਾਲ ਹੀ ਅਸੀਂ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਨੂੰ ਇਸ ਮਹਾਮਾਰੀ ਤੋਂ ਨਿਜ਼ਾਤ ਦਿਵਾ ਸਕਦੇ ਹਾਂ।ਇਸ ਦੌਰਾਨ ਉਨ੍ਹਾਂ ਉਥੇ ਟੀਕਾ ਲਗਵਾਉਣ ਲਈ ਆਏ ਫਰੰਟ ਲਾਈਨ ਵਰਕਰਾਂ ਅਤੇ ਬਜ਼ੁਰਗਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਨਜ਼ਦੀਕੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਟੀਕਾ ਲਗਾਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।
               ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਹੈਲਥ ਕੇਅਰ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ 1 ਅਪ੍ਰੈਲ ਤੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ।ਬੱਚਿਆਂ ਦੇ ਮਾਹਿਰ ਡਾ. ਹਿਰਤੇਸ਼ ਪਾਹਵਾ, ਡਾ. ਹਰਪਿੰਦਰ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਦੱਸਿਆ ਕਿ ਕੋਵਿਡ ਵੈਕਸੀਨ ਦਾ ਕੋਈ ਸਾਈਡ ਇਫੈਕਟ ਨਹੀਂ ਹੈ।ਉਨ੍ਹਾਂ ਲੋਕਾਂ ਨੂੰ ਟੀਕਾਕਰਨ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਹੈਲਥ ਕੇਅਰ ਵਰਕਰਾਂ ਅਤੇ ਬਜ਼ੁਰਗਾਂ ਨੂੰ ਹੁਣ ਤੱਕ ਕਾਫੀ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਦੀ ਸਿਹਤ ’ਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ।ਇਸ ਦੌਰਾਨ ਜ਼ਿਲ੍ਹਾ ਹਸਪਤਾਲ ਵਿਖੇ ਟੀਕਾਕਰਨ ਤੋਂ ਬਾਅਦ ਸੈਲਫੀ ਸਟੈਂਡ ’ਤੇ ਆਪਣੀ ਫੋਟੋ ਖਿੱਚਣ ਲਈ ਲੋਕਾਂ ਵਿਚ ਵੱਡੀ ਦਿਲਚਸਪੀ ਵਿਖਾਈ ਗਈ।
                     ਇਸ ਮੌਕੇ ਬਲਵਿੰਦਰ ਕੌਰ, ਪਿਆਰੀ, ਜੋਤੀ ਨਿਗਾਹ, ਸੁਮੀਤ ਸੋਢੀ, ਜਸਪ੍ਰੀਤ ਕੌਰ, ਜੋਤੀ ਸ਼ਰਮਾ, ਮਨਦੀਪ, ਤਮੰਨਾ, ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੈਦੀਪ ਸਿੰਘ ਅਤੇ ਹੋਰ ਸਟਾਫ ਮੌਜ਼ੂਦ ਸੀ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …