Friday, November 22, 2024

ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ

ਕਿਰਪਾਨ ‘ਤੇ ਪਾਬੰਦੀ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਉਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਜ਼ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ‘ਤੇ 19 ਮਈ 2021 ਤੋਂ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਆਖਿਆ ਕਿ ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਤੇ ਪਾਬੰਦੀ ਲਗਾ ਦੇਣਾ ਸਿੱਖ ਮਾਨਤਾਵਾਂ ਦੇ ਬਿਲਕੁਲ ਵਿਰੁੱਧ ਹੈ।
                  ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਥੋਂ ਦੀ ਸਰਕਾਰ ਨੂੰ ਕਿਰਪਾਨ `ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸ਼ਰੀਰ ਦਾ ਅਹਿਮ ਅੰਗ ਹੈ। ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ।
                ਉਨ੍ਹਾਂ ਕਿਹਾ ਕਿ ਕ੍ਰਿਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਡੂੰਘੇ ਅਰਥ ਅਤੇ ਉਦੇਸ਼ ਵਾਲਾ ਇੱਕ ਵਿਸ਼ਵਾਸ ਦਾ ਚਿੰਨ੍ਹ ਹੈ ਅਤੇ ਇਸ ਫ਼ੈਸਲੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ, ਜਿਸ ਕਾਰਨ ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਅਤੇ ਆਸਟਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਇਹ ਮੰਗ ਕਰਦੀ ਹੈ ਕਿ ਉਹ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਯਤਨ ਕਰੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਸ ਮਾਮਲੇ ਵਿੱਚ ਭਾਰਤ ਅਤੇ ਆਸਟ੍ਰੇਲੀਆ ਸਰਕਾਰਾਂ ਨੂੰ ਪੱਤਰ ਲਿਖੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …