ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਸੁਖਬੀਰ ਬਾਦਲ
ਬਜ਼ੀਦਪੁਰ, 21 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ।ਜਿਸ ਤਹਿਤ
ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ਵਿਖੇ ਲੋੜਵੰਦਾਂ ਨੂੰ ਪਹਿਲਾਂ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ 25 ਬੈਡਾਂ ਦਾ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਗਿਆ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ’ਤੇ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਮਾਨਵ ਹਿਤਕਾਰੀ ਕਾਰਜ ਦੱਸਿਆ।ਉਨ੍ਹਾਂ ਆਖਿਆ ਕਿ ਅੱਜ ਜਦੋਂ ਸਰਕਾਰਾਂ ਕੋਰੋਨਾ ਸੰਕਟ ਤੋਂ ਨਿਕਲਣ ਲਈ ਨਕਾਮ ਸਾਬਤ ਹੋ ਰਹੀਆਂ ਹਨ ਤਾਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਭੂਮਿਕਾਂ ਬੇਹੱਦ ਸੰਤੁਸ਼ਟੀਜਨਕ ਹੈ।
ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਇਲਾਜ਼ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਅੰਦਰ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਿੱਤੀ ਜਾ ਰਹੀ ਹੈ ਅਤੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬਜੀਦਪੁਰ ਵਿਖੇ ਇਹ ਕੇਂਦਰ ਸਥਾਪਤ ਕਰਨ ਨਾਲ ਇਸ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ।ਜਿਸ ਨਾਲ ਲੋਕ ਖਜ਼ਲ-ਖੁਆਰ ਹੋਣ ਤੋਂ ਬੱਚਣਗੇ ਅਤੇ ਆਪਣੇ ਨੇੜੇ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣਗੇ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਹੀ ਕੇਂਦਰ ਸੰਗਰੂਰ, ਰੋਪੜ ਅਤੇ ਪਟਿਆਲਾ ਵਿਖੇ ਵੀ ਸਥਾਪਤ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੇ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ, ਅੰਤ੍ਰਿੰਗ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਸਤਪਾਲ ਸਿੰਘ ਤਲਵੰਡੀ, ਜਥੇਦਾਰ ਬਲਵਿੰਦਰ ਸਿੰਘ ਭੰਬਾਲੰਡਾ, ਦਰਸ਼ਨ ਸਿੰਘ ਬਰਾੜ, ਅਕਾਲੀ ਆਗੂ ਕੰਵਲਜੀਤ ਸਿੰਘ ਰੋਜੀ ਬਰਕੰਦੀ, ਜੋਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਮਾਨ, ਡਾ. ਸੁਖਬੀਰ ਸਿੰਘ ਓਐਸਡੀ, ਡਾ. ਏ.ਪੀ ਸਿੰਘ ਡੀਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਮੇਤ ਹੋਰ ਹਾਜ਼ਰ ਸਨ।
Punjab Post Daily Online Newspaper & Print Media