ਕੋਰੋਨਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਨੇ ਮਨੁੱਖਤਾ ਦੀ ਬਾਂਹ ਫੜ੍ਹੀ – ਸੁਖਬੀਰ ਬਾਦਲ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਯਤਨਾਂ
ਤਹਿਤ ਅੱਜ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਛੇਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ।25 ਬੈਡਾਂ ਦੇ ਇਸ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਸਾਂਝੇ ਤੌਰ ਤੇ ਕੀਤਾ।ਇਸ ਕੋਰੋਨਾ ਕੇਅਰ ਕੇਂਦਰ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਦਾ ਮੈਡੀਕਲ ਸਟਾਫ 24 ਘੰਟੇ ਹਾਜ਼ਰ ਰਹਿ ਕੇ ਕੋਰੋਨਾ ਮਰੀਜਾਂ ਦਾ ਇਲਾਜ ਕਰੇਗਾ।
ਬੁਢਲਾਡਾ ਵਿਖੇ ਕੋਰੋਨਾ ਕੇਅਰ ਕੇਂਦਰ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਮਨੁੱਖਤਾ ਦੀ ਸੇਵਾ ਲਈ ਤਿਆਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਬਣੇ ਹਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਦੀ ਸਹੂਲਤ ਲਈ ਇਹ ਮੈਡੀਕਲ ਸੇਵਾਵਾਂ ਆਰੰਭ ਕੀਤੀਆਂ ਗਈਆਂ ਹਨ, ਜਿਸ ਤਹਿਤ ਪਹਿਲਾਂ ਵੱਖ-ਵੱਖ ਜਿਲ੍ਹਿਆਂ ਅੰਦਰ ਪੰਜ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਅੱਜ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਛੇਵਾਂ ਕੋਰੋਨਾ ਕੇਅਰ ਕੇਂਦਰ ਸ਼ੁਰੂ ਕੀਤਾ ਗਿਆ ਹੈ।ਇਥੇ ਦਾਖਲ ਕੋਰੋਨਾ ਮਰੀਜਾਂ ਲਈ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਦਵਾਈਆਂ ਤੇ ਲੰਗਰ ਦੀ ਸਹੂਲਤ ਵੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਮਨੁੱਖਤਾ ਦੇ ਨਾਲ ਖੜ੍ਹੀ ਹੈ ਅਤੇ ਸਦਾ ਹੀ ਆਪਣਾ ਫਰਜ਼ ਨਿਭਾਉਂਦੀ ਰਹੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਇਨ੍ਹਾਂ ਕੇਂਦਰਾਂ ਵਿਚ ਪਹੁੰਚ ਕੇ ਸੇਵਾ ਦਾ ਲਾਭ ਲੈਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਵੀ ਮਨੁੱਖਤਾ ‘ਤੇ ਕੋਈ ਮੁਸੀਬਤ ਆਈ ਹੈ ਤਾਂ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਮਾਨਵਤਾ ਦੀ ਸੇਵਾ ਲਈ ਤੱਤਪਰ ਰਹੀ ਹੈ।ਹੁਣ ਜਦੋਂ ਪੂਰੀ ਦੁਨੀਆਂ ਕੋਰੋਨਾ ਤੋਂ ਭੈਭੀਤ ਹੋਈ ਪਈ ਹੈ, ਉਸ ਸਮੇਂ ਫੇਰ ਸ਼੍ਰੋਮਣੀ ਕਮੇਟੀ ਨੇ ਆਪਣਾ ਫਰਜ਼ ਨਿਭਾਉਂਦਿਆਂ ਮਨੁੱਖਤਾ ਦੀ ਬਾਂਹ ਫੜ੍ਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਸੇਵਾ ਕਰਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਵੀ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਦੇ ਕਾਰਜ਼ਾਂ ਦੀ ਸਰਾਹਨਾ ਕੀਤੀ ਗਈ ਹੈ।ਉਨ੍ਹਾਂ ਸਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਹ ਲੋਕਾਂ ਦੀ ਪੀੜ੍ਹਾ ਨੂੰ ਸਮਝਣ ਤੇ ਤੁਰੰਤ ਲੋੜੀਂਦੇ ਪ੍ਰਬੰਧ ਕਰਨ।
ਇਸ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਜਸਬੀਰ ਕੌਰ ਦਾਤੇਵਾਸ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਇੰਜ. ਸੁਖਮਿੰਦਰ ਸਿੰਘ, ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਅਜਾਇਬ ਸਿੰਘ ਮੈਨੇਜਰ ਸਮੇਤ ਹੋਰ ਹਾਜ਼ਰ ਸਨ।
Punjab Post Daily Online Newspaper & Print Media