Tuesday, April 7, 2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ‘ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਇਸ ਸ਼ਹੀਦੀ ਸਾਕੇ ਦੌਰਾਨ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘਾਂ ਦੀ ਸ਼ਹਾਦਤ ਹੋਈ ਅਤੇ ਕਈ ਜ਼ਖਮੀ ਹੋਏ ਸਨ।ਸਾਕੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਜਾਨ ਤੋਂ ਵੱਧ ਪਿਆਰੇ ਹਨ ਅਤੇ ਉਹ ਪਾਵਨ ਗੁਰਧਾਮਾਂ ਦੀ ਬੇਅਦਬੀ ਕਦੇ ਵੀ ਸਹਾਰ ਨਹੀਂ ਸਕਦੇ, ਭਾਵੇਂ ਇਸ ਲਈ ਕੁਰਬਾਨੀਆਂ ਹੀ ਕਿਉਂ ਨਾ ਦੇਣੀਆਂ ਪੈਣ।ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸ਼ਹੀਦੀ ਸਾਕਾ ਵੀ ਇਸੇ ਸਬੰਧ ਵਿਚ ਵੱਡੇ ਮਹੱਤਵ ਵਾਲਾ ਹੈ।
                    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
                     ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਉਨ੍ਹਾਂ ਨਾਲ ਆਏ ਦਲ ਦੇ ਪ੍ਰਮੁੱਖ ਆਗੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਨਾਗਰ ਸਿੰਘ, ਬੀਬੀ ਜਸਪਾਲ ਕੌਰ, ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਗੁਰਦਿਆਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ, ਇਕਬਾਲ ਸਿੰਘ ਮੁੱਖੀ, ਜਗਤਾਰ ਸਿੰਘ, ਲਖਬੀਰ ਸਿੰਘ, ਗੁਲਜ਼ਾਰ ਸਿੰਘ, ਗੁਰਚਰਨ ਸਿੰਘ ਕੁਹਾਲਾ, ਦੀਪਇੰਦਰ ਸਿੰਘ, ਭਾਈ ਹਰਮਿੱਤਰ ਸਿੰਘ ਆਦਿ ਮੌਜੂਦ ਸਨ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …