Monday, April 6, 2026

ਕੋਵਿਡ ਦੀ ਤੀਜ਼ੀ ਲਹਿਰ ਦੇ ਟਾਕਰੇ ਲਈ ਜੂਨ ਦੇ ਅਖੀਰ ਤੱਕ ਡਾਕਟਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ – ਸੋਨੀ

ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਹੋਵੇਗੀ ਕਾਰਵਾਈ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਕੋਵਿਡ ਦੀ ਤੀਜ਼ੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੇ ਟਾਕਰੇ ਲਈ ਜੂਨ ਦੇ ਅੰਤ ਤੱਕ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।
                  ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਓਮ ਪ੍ਰਕਾਸ ਸੋਨੀ ਨੇ ਵਾਰਡ ਨੰਬਰ 48 ਦੇ ਅਧੀਨ ਪੈਂਦੇ ਇਲਾਕੇ ਸ਼ੇਰਾਂ ਵਾਲਾ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ।ਕੌਂਸਲਰ ਵਿਕਾਸ ਸੋਨੀ, ਕਾਂਗਰਸੀ ਨੇਤਾ ਇਕਬਾਲ ਸਿੰਘ ਸ਼ੈਰੀ, ਬੱਬੀ ਪਹਿਲਵਾਨ, ਰਿੰਕੂ ਮਹੇਸ਼ਵਰੀ ਤੇ ਮਨਮੋਹਨ ਕੁੰਦਰਾ ਵੀ ਇਸ ਸਮੇਂ ਹਾਜ਼ਰ ਸਨ।
                    ਸੋਨੀ ਨੇ ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਪੈਰ ਪਸਾਰਨ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਾਰਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁੱਢਲੀਆਂ ਦਵਾਈਆਂ ਨਾਲ ਲੈਸ ਕੀਤਾ ਜਾਵੇ ਅਤੇ ਲੱਛਣਾਂ ਵਾਲੇ ਵਿਅਕਤੀਆਂ ਦੀ ਆਰ.ਏ.ਟੀ ਟੈਸਟਿੰਗ ਤੁਰੰਤ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਵਿੱਚ ਕੁੱਝ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਐਲ-2 ਸਹੂਲਤਾਂ ਲਈ ਤਿਆਰ ਕੀਤਾ ਜਾਵੇ, ਜਿਥੇ ਆਕਸੀਜਨ ਕੰਨਸੈਂਟਰੇਟਰ ਅਤੇ ਢੁੱਕਵੇਂ ਇਲਾਜ਼ ਪ੍ਰੋਟੋਕੋਲ ਸਮੇਤ ਡਾਕਟਰਾਂ ਦੀ ਵਿਵੱਸਥਾ ਹੋਵੇ।
ਇਸ ਪ੍ਰਕਿਰਿਆ ਵਿਚ ਸਰਪੰਚਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜੋਰ ਦਿੰਦੇ ਹੋਏ ਸੋਨੀ ਨੇ ਟੀਕਾਕਰਨ ਵਿੱਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਤਰਜ਼ੀਹ ਦੇਣ ਲਈ ਆਖਿਆ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਖਿਲਾਫ ਸਖਤ ਕਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵਲੋਂ ਪੈਸੇ ਵਾਪਸ ਕਰਵਾਏ ਜਾਣੇ ਚਾਹੀਦੇ ਹਨ।ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਲਈ ਆਖਿਆ।ਸੋਨੀ ਨੇ ਜ਼ੋਰ ਦੇ ਕੇ ਆਖਿਆ ਕਿ ਹਾਲਾਂਕਿ ਬੀਤੇ ਇਕ ਹਫਤੇ ਦੌਰਾਨ ਸੂਬੇ ਵਿੱਚ ਕੋਵਿਡ ਦੇ ਮਾਮਲਿਆਂ ਅਤੇ ਪਾਜ਼ੇਟਿਵਿਟੀ ਦਰ ਦੋਵਾਂ ਵਿੱਚ ਗਿਰਾਵਟ ਵੇਖੀ ਗਈ ਹੈ ਪਰ, ਇਸ ਨਾਲ ਅਵੇਸਲੇ ਹੋਣ ਦੀ ਲੋੜ ਨਹੀਂ।
                        ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਸਬੰਧੀ ਸਾਰੀਆਂ ਪਾਬੰਦੀਆਂ ਸ਼ਹਿਰੀ ਅਤੇ ਸਥਾਨਕ ਸਰਕਾਰ ਪੱਧਰ ਦੇ ਆਗੂਆਂ ਦਾ ਸਹਿਯੋਗ ਲੈ ਕੇ ਸਖ਼ਤੀ ਨਾਲ ਲਾਗੂ ਕਰਵਾਈਆਂ ਜਾਣ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …