Friday, November 22, 2024

ਯੂ.ਕੇ ਦੇ ਸਕੂਲ ’ਚ ਸਿੱਖ ਬੱਚੇ ਦੇ ਜ਼ਬਰੀ ਕੇਸ ਕੱਟਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਭਾਰਤ ਦੇ ਵਿਦੇਸ਼ ਮੰਤਰੀ ਤੇ ਦਿੱਲੀ ’ਚ ਯੂ.ਕੇ ਦੇ ਹਾਈ ਕਮਿਸ਼ਨਰ ਨੂੰ ਭੇਜਾਂਗੇ ਪੱਤਰ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਕੇ ਦੇ ਦੱਖਣੀ ਲੰਡਨ ਵਿਖੇ ਇਕ ਸਕੂਲ ’ਚ ਸਿੱਖ ਵਿਦਿਆਰਥੀ ਦੇ ਜ਼ਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬ੍ਰਿਟੇਨ                           ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਨੂੰ ਇਕ ਸਕੂਲ ’ਚ ਅੰਜ਼ਾਮ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਇਹ ਧੱਕੇਸ਼ਾਹੀ ਧਾਰਮਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਕੇਸ ਸਿੱਖਾਂ ਦੀ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣ ਸਮੇਂ ਕੇਸਾਂ ਨੂੰ ਕਕਾਰਾਂ ਵਿੱਚ ਮਾਨਤਾ ਦਿੱਤੀ ਗਈ।ਪੂਰੀ ਦੁਨੀਆਂ ਅੰਦਰ ਸਿੱਖ ਸਾਬਤ ਸੂਰਤ ਰਹਿੰਦਿਆਂ ਵਿਚਰਦੇ ਹਨ ਅਤੇ ਸਿੱਖ ਪਛਾਣ ਪ੍ਰਤੀ ਕਿਸੇ ਵੀ ਦੇਸ਼ ਵਿੱਚ ਅੱਜ ਭੁਲੇਖਾ ਨਹੀਂ ਹੋਣਾ ਚਾਹੀਦਾ।ਪ੍ਰੰਤੂ ਫਿਰ ਵੀ ਸਿੱਖਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਵੇਖਿਆ ਜਾਣਾ ਦੁਖਦਾਈ ਹੈ।ਤਾਜ਼ਾ ਘਟਨਾ ਵਿਚ ਯੂ.ਕੇ ਦੇ ਇਕ ਸਕੂਲ ਅੰਦਰ ਸਿੱਖ ਬੱਚੇ ਦੇ ਜਬਰੀ ਕੇਸ ਕੱਟ ਕਰ ਕੇ ਵੱਡਾ ਗੁਨਾਹ ਕੀਤਾ ਹੈ।ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਬੀਬੀ ਜਗੀਰ ਕੌਰ ਨੇ ਯੂ.ਕੇ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਮਗਰੋਂ ਕਾਰਵਾਈ ਕਰਨ।ਉਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦਿੱਲੀ ਸਥਿਤ ਯੂਕੇ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਜਾਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …