Tuesday, June 23, 2026

ਨੌਜਵਾਨ ਵਲੰਟੀਅਰ ਜਿਲ੍ਹੇ ਨੂੰ ਕੋਰੋਨਾ ਮੁਕਤ ਕਰਨ ’ਚ ਨਿਭਾਉਣਗੇ ਅਹਿਮ ਭੂਮਿਕਾ – ਦੀਪਜੋਤ ਕੌਰ

ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਬੈਜ਼ ਤੇ ਸਟਿੱਕਰ ਵੰਡਣ ਦੀ ਕੀਤੀ ਸ਼ੁਰੂਆਤ

ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ‘ਮਿਸ਼ਨ ਫ਼ਤਹਿ 2’ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਵਰਚੂਅਲ ਢੰਗ ਰਾਹੀਂ ਸੂਬੇ ਦੇ ਨੌਜਵਾਨਾਂ ਨਾਲ ਰੁ-ਬਰੂ ਹੁੰਦਿਆਂ ਉਨ੍ਹਾਂ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ਰੂਰਲ ਕੋਰੋਨਾ ਵਲੰਟੀਅਰ (ਆਰ.ਸੀ.ਵੀ) ਸਮੂਹ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।
              ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਰਨਾਂ ਅਧਿਕਾਰੀਆਂ ਨਾਲ ਇਸ ਵਰਚੂਅਲ ਪ੍ਰੋਗਰਾਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕੋਵਿਡ-19 ਨੂੰ ਬਿਹਤਰੀਨ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਨੇ ਸੈਂਪਲਿੰਗ ਅਤੇ ਕਾਨਟੈਕਟ ਟ੍ਰੇਸਿੰਗ ਰਾਹੀਂ ਕਾਫੀ ਹੱਦ ਤੱਕ ਇਸ ਮਹਾਮਾਰੀ ’ਤੇ ਕਾਬੂ ਪਾਉਣ ‘ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਹੁਣ ਨੌਜਵਾਨ ਵਲੰਟੀਅਰ ਅਹਿਮ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਵੱਲੋਂ ਪੰਚਾਇਤਾਂ ਜਾਂ ਮਿਊਂਸਪੈਲਟੀਆਂ ਨੂੰ ਭਰਪੂਰ ਮਦਦ ਦਿੱਤੀ ਜਾਵੇਗੀ।ਇਹ ਨੌਜਵਾਨ ਵਲੰਟੀਅਰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗ਼ਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨ੍ਹਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪ ਲਾਈਨਾ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਾਰੇ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਝੂਠੇ ਪ੍ਰਚਾਰ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
              ਉਨ੍ਹਾਂ ਯੁਵਾ ਮਾਮਲੇ ਵਿਭਾਗ ਵੱਲੋਂ ਜਾਰੀ ਕੀਤੇ ਗਏ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਵਾਲੇ ਬੈਜ਼ ਅਤੇ ਸਟਿੱਕਰ ਵੰਡਣ ਦੀ ਸ਼ੁਰੂਆਤ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਯੁਵਕ ਸੇਵਾਵਾਂ ਵਿਭਾਗ ਤੋਂ ਸੰਜੀਵ ਦੁੱਗਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …