Tuesday, December 24, 2024

ਦ੍ਰਿੜ ਇੱਛਾ ਸ਼ਕਤੀ ਨਾਲ ਛੱਡੀ ਜਾ ਸਕਦੀ ਹੈ ਤੰਬਾਕੂਨੋਸ਼ੀ ਦੀ ਆਦਤ – ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈਲ ਡਾ. ਕੁਲਦੀਪ ਰਾਏ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ ‘ਤੰਬਾਕੂ ਛੱਡਣ ਦਾ ਵਾਅਦਾ ਕਰੋ’ ਹੈ।ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਆਮ ਲੋਕਾਂ ਨੂੰ ਤੰਬਾਕੂ ਦਾ ਕਿਸੇ ਵੀ ਰੂਪ ਵਿਚ ਇਸਤੇਮਾਲ ਨਾ ਕਰਨ ਦੀ ਸਹੁੰ ਚੁਕਾਈ।
                     ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਭਾਰਤ ਵਿੱਚ ਅਜੇ ਵੀ 35 ਫੀਸਦੀ ਲੋਕ ਤੰਬਾਕੂ ਦੀ ਵਰਤੋਂ ਕਰਦੇ ਹਨ, ਜਿਨ੍ਹਾਂ ਵਿਚੋਂ 9 ਫੀਸਦੀ ਬੀੜੀ ਸਿਗਰਟ, 21 ਫੀਸਦੀ ਖਾਣ ਵਾਲਾ ਤੰਬਾਕੂ ਅਤੇ 5 ਫੀਸਦੀ ਲੋਕ ਬੀੜੀ ਸਿਗਰਟ ਪੀਣ ਦੇ ਨਾਲ-ਨਾਲ ਖਾਣ ਵਾਲਾ ਤੰਬਾਕੂ ਵੀ ਵਰਤਦੇ ਹਨ।ਹਰ ਰੋਜ਼ ਭਾਰਤ ਵਿੱਚ 2200 ਲੋਕ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰ ਜਾਂਦੇ ਹਨ।ਹਰ ਰੋਜ਼ 5500 ਨਵੇਂ ਬੱਚੇ ਤੰਬਾਕੂ ਦੀ ਆਦਤ ਸਹੇੜ ਲੈਂਦੇ ਹਨ।ਲਗਭਗ 80 ਫੀਸਦੀ ਮੂੰਹ ਦੇ ਕੈਂਸਰ ਦਾ ਕਾਰਨ ਤੰਬਾਕੂ ਦੀ ਵਰਤੋਂ ਹੈ। ਤੰਬਾਕੂ ਦੇ ਸੇਵਨ ਨਾਲ ਮੂੁੰਹ, ਗਲ੍ਹੇ, ਖੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ, ਕਿਉਂਕ ਇਸ ਵਿੱਚ ਨਿਕੋਟੀਨ ਸਹਿਤ ਹੋਰ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ।ਤੰਬਾਕੂ ਦੀ ਲਗਾਤਾਰ ਵਰਤੋਂ ਕਾਰਨ ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬਲੱਡ ਪ੍ਰੈਸ਼ਰ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਹੋ ਸਕਦੇ ਹਨ।ਤੰਬਾਕੂ ਨਾਲ ਮਰਦਾਂ ਵਿੱਚ ਨਿਪੁੰਨਸਕਤਾ ਅਤੇ ਪ੍ਰਜ਼ਨਨ ਸ਼ਕਤੀ ਵਿੱਚ ਕਮੀ ਆ ਜਾਂਦੀ ਹੈ।ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਕਰਨ ਨਾਲ ਘੱਟ ਭਾਰ ਵਾਲੇ ਬੱਚੇ ਦਾ ਜਨਮ ਹੁੰਦਾ ਹੈ।
                  ਤੰਬਾਕੂ ਦੀ ਰੋਕਥਾਮ ਲਈ ਕੋਟਪਾ ਐਕਟ ਅਧੀਨ ਭਾਰਤ ਵਿੱਚ ਸਾਲ 2003 ਵਿੱਚ ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ (ਕੋਟਪਾ) ਪਾਸ ਕੀਤਾ ਗਿਆ ਜਿਸ ਦੀ ਧਾਰਾ 4 ਅਧੀਨ ਜਨਤਕ ਸਥਾਨਾਂ ਤੇ ਸਿਗਰੇਟਨੋਸ਼ੀ ਕਰਨ ਦੀ ਸਖ਼ਤ ਮਨਾਹੀ ਹੈ।ਉਲੰਘਨਾ ਕਰਨ ਵਾਲੇ ਨੁੰ 200 ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਸਬੰਧਿਤ ਸੰਸਥਾ ਦੇ ਮੁੱਖੀ ਨੂੰ 200 ਰੁਪਏ ਪ੍ਰਤੀ ਦੋਸ਼ੀ ਦੇ ਹਿਸਾਬ ਨਾਲ ਜੁਰਮਾਨੇ ਕੀਤੇ ਜਾ ਸਕਦੇ ਹਨ।ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ।ਧਾਰਾ 6ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨ੍ਹਾਹੀ ਹੈ।ਧਾਰਾ 6ਬੀ ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ ਹੁੱਕਾ ਬਾਰ ਲਈ 50 ਹਜਾਰ ਰੁਪਏ ਦਾ ਜੁਰਮਾਨਾ ਅਤੇ 3 ਸਾਲ ਦੀ ਸਜ਼ਾ, ਈ-ਸਿਗਰੇਟ ਲਈ 50 ਹਜ਼ਾਰ ਦਾ ਜੁਰਮਾਨਾ ਅਤੇ 6 ਸਾਲ ਦੀ ਜੇਲ੍ਹ ਹੋ ਸਕਦੀ ਹੈ।
                   ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਤੰਬਾਕੂ ਮੁਕਤ ਕਰਵਾਉਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰਨ ।
ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …