Tuesday, February 3, 2026

ਘੱਲੂਘਾਰੇ ਸਮੇਂ ਗੋਲੀਆਂ ਲੱਗੇ ਸੁਨਹਿਰੀ ਪੱਤਰੇ ਤੇ ਪਾਵਨ ਗੁਰੂ ਗ੍ਰੰਥ ਸਾਹਿਬ ਦੇ ਸੰਗਤਾਂ ਨੂੰ ਕਰਵਾਏ ਜਾਣਗੇ ਦਰਸ਼ਨ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਫੈਸਲਾ

ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।
              ਇਹ ਫੈਸਲਾ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਲਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ।ਇਹ ਉਹ ਰਿਸਦਾ ਜ਼ਖ਼ਮ ਹੈ, ਜੋ 37 ਸਾਲ ਬਾਅਦ ਵੀ ਪੀੜਾਦਾਇਕ ਹੈ।ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਨਾਲ ਜੁੜੀਆਂ ਮੌਜ਼ੂਦ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ ਜ਼ਖ਼ਮੀ ਪਾਵਨ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ।
                   ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ੌਜੀ ਹਮਲੇ ’ਚ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦ ਹੀ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਰਾ ਸਾਹਿਬ ਵਿਚ ਸੁਸ਼ੋਭਿਤ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਅੰਦਰ ਹੀ ਜੂਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਵਿੱਚ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡ-ਅਕਾਰੀ ਮਾਡਲ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਥੇ ਡਿਜ਼ੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਵੀ ਰੂਪਮਾਨ ਕਰਾਂਗੇ। ਫ਼ੌਜ ਦੀਆਂ ਗੋਲੀਆਂ ਦੀ ਗਵਾਹ ਖ਼ਜ਼ਾਨਾ ਡਿਓੜੀ ਨੂੰ ਸੰਭਾਲਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੂਨ ’84 ਦੇ ਫ਼ੌਜੀ ਹਮਲੇ ਸਮੇਂ ਸ਼ਹੀਦ ਕੀਤੇ ਗਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਦੇ ਵੇਰਵੇ ਇਕੱਤਰ ਕਰਨ ਲਈ ਵੀ ਯਤਨ ਕੀਤੇ ਜਾਣਗੇ।
                   ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਂਦਿਆਂ ਇਸ ਦੀ ਭਾਵਨਾ ਅਨੁਸਾਰ ਸ਼ਾਂਤੀ ਵਿਚ ਰਹਿ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।
                     ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰਖਾਂ, ਹਰਭਜਨ ਸਿੰਘ ਮਸਾਣਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓ.ਐਸ.ਡੀ ਡਾ. ਸੁਖਬੀਰ ਸਿੰਘ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …