ਧੂਰੀ, 3 ਜੂਨ (ਪ੍ਰਵੀਨ ਗਰਗ) – ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸੂਬੇ ‘ਚ ਡੀ.ਸੀ ਦਫਤਰਾਂ ਨਾਲ ਸਬੰਧਤ ਦਫਤਰੀ ਬਾਬੂਆਂ ਦੀ
ਪਿਛਲੀ 24 ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਕਾਰਨ ਡੀ.ਸੀ ਦਫਤਰਾਂ ਨਾਲ ਸਬੰਧਤ ਐਸ.ਡੀ.ਐਮ ਦਫਤਰਾਂ ਅਤੇ ਤਹਿਸੀਲ ਦਫਤਰਾਂ ਦਾ ਕੰਮ-ਕਾਰ ਠੱਪ ਪਿਆ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਪ ਆਗੂ ਡਾ. ਅਨਵਰ ਭਸੌੜ ਅਤੇ ਰਾਜਵੰਤ ਸਿੰਘ ਘੁੱਲੀ ਨੇ ਤਹਿਸੀਲ ਕੰਪਲੈਕਸ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸੂਬੇ ਭਰ ਦੇ ਡੀ.ਸੀ ਦਫਤਰਾਂ ਨਾਲ ਸਬੰਧਤ ਸਟਾਫ ਦੇ ਹੜਤਾਲ ‘ਤੇ ਹੋਣ ਕਾਰਨ ਰੋਜਾਨਾ ਲੱਖਾਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਪੰਜਾਬ ਪੱਧਰੀ ਹੜਤਾਲ ਕਾਰਨ ਵੀ ਸ਼ਹਿਰਾਂ ਵਿੱਚ ਸਫਾਈ ਦਾ ਬੁਰਾ ਹਾਲ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਫਤਰੀ ਬਾਬੂਆਂ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਬਜ਼ਾਏ ਇਹਨਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸੂਬਾ ਸਰਕਾਰ ਇਸ ਵੇਲੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਦੀ ਬਜ਼ਾਏ ਆਪਸੀ ਕਾਟੋ-ਕਲੇਸ਼ ਵਿੱਚ ਉਲਝੀ ਪਈ ਹੈ ਅਤੇ ਮੰਤਰੀ ਤੇ ਵਿਧਾਇਕ ਆਪੋ-ਆਪਣੀਆਂ ਕੁਰਸੀਆਂ ਬਚਾਉਣ ਵਿੱਚ ਲੱਗੇ ਹੋਏ ਹਨ।
ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਦਫਤਰੀ ਬਾਬੂਆਂ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਇਹ ਮਸਲੇ ਤੁਰੰਤ ਹੱਲ ਕਰਵਾਉਣ ਤਾਂ ਜੋ ਇਹਨਾਂ ਕਰਮਚਾਰੀਆਂ ਦੇ ਨਾਲ-ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media