ਪਿੰਡ ਜਗਤਪੁਰ ਵਿੱਚ ਕਰਵਾਈ ਗਈ ਸਿੱਧੀ ਬਿਜ਼ਾਈ
ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਦੇਖਦਿਆਂ ਖੇਤੀਬਾੜੀ ਅਤੇ
ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਜੱਟਾਂ ਦੇ ਕੁਲਦੀਪ ਸਿੰਘ ਕਿਸਾਨ ਸਿੰਘ ਦੇ ਖੇਤਾਂ ਵਿੱਚ ਸਮਾਜ ਸੇਵਕ ਸਤਵਿੰਦਰ ਸਿੰਘ ਲੱਕੀ ਸੀਡਰ ਦੀ ਵਰਤੋਂ ਕਰਦਿਆਂ ਝੋਨੇ ਦੀ ਸਿੱਧੀ ਬਿਜ਼ਾਈ ਦਾ ਪ੍ਰਦਰਸ਼ਨੀ ਪਲਾਟ, ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਲਗਾਇਆ ਗਿਆਂ।ਡਾ. ਅਮਰੀਕ ਸਿੰਘ ਇੰਚਾਰਜ ਬਲਾਕ ਤਕਨਾਲੌਜੀ ਟੀਮ ਕਮ-ਬਲਾਕ ਖੇਤੀਬਾੜੀ ਅਫਸਰ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਬਲਵਿੰਦਰ ਕੁਮਾਰ ਸਹਾਇਕ ਤਕਨਾਲੋਜੀ ਪਬੰਧਕ (ਆਤਮਾ), ਬਲਬੀਰ ਸਿੰਘ, ਸਤਿਆਪਾਲ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ, ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਦਾ ਇਕ ਬੇਹਤਰ ਬਦਲ ਹੈ।ਉਨ੍ਹਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜ਼ਾਈ ਨਾਲ ਕਾਸ਼ਤ ਕੀਤੀ ਝੋਨੇ ਦੀ ਫਸਲ ਚੰਗਾ ਝਾੜ ਦਿੰਦੀ ਹੈ।ਉਨ੍ਹਾਂ ਨੇ ਕਿਹਾ ਕਿ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ।ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਵਲੋਂ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ।ਕਿਸਾਨ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾ ਕਰਨ।ਉਨ੍ਹਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜ਼ਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁੱਕਵਾਂ ਸਮਾਂ ਹੈ।
ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਉਤਸ਼ਾਹਿਤ ਕਰਨ ਸਦਕਾ ਇੱਕ ਏਕੜ ਰਕਬੇ ਵਿੱਚ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜ਼ਾਈ ਕੀਤੀ ਜਾ ਰਹੀ ਹੈ।ਜੇਕਰ ਇਹ ਤਜ਼ੱਰਬਾ ਸਫਲ ਰਿਹਾ ਤਾਂ ਅਗਲੇ ਸਾਲ ਸਾਰੇ ਰਕਬੇ ਵਿੱਚ ਇਸ ਤਕਨੀਕ ਨਾਲ ਝੋਨੇ ਦੀ ਬਿਜ਼ਾਈ ਕੀਤੀ ਜਾਵੇਗੀ।
Punjab Post Daily Online Newspaper & Print Media