ਬੀਬੀ ਜਗੀਰ ਕੌਰ ਵੱਲੋਂ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਤੇ ਬੱਚਿਆਂ ਦੀ ਫ੍ਰੀ ਪੜ੍ਹਾਈ ਦਾ ਐਲਾਨ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ
ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ।ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਤੋਂ ਪਹਿਲਾਂ ਗਿਆਨੀ ਭਗਵਾਨ ਸਿੰਘ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਅੰਤਿਮ ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗਿਆਨੀ ਭਗਵਾਨ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਿਆਨੀ ਭਗਵਾਨ ਸਿੰਘ ਦਾ ਜੀਵਨ ਬੇਹੱਦ ਸਾਦਾ ਸੀ ਅਤੇ ਉਨ੍ਹਾਂ ਨੇ ਗੁਰੂ ਦੀ ਭੈਭਾਵਨੀ ‘ਚ ਰਹਿੰਦਿਆਂ ਆਪਣੀ ਸਾਰੀ ਜ਼ਿੰਦਗੀ ਬਤੀਤ ਕੀਤੀ।
ਅੰਤਿਮ ਅਰਦਾਸ ਸਮਾਗਮ ਵਿੱਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਥੋੜ੍ਹੇ ਸਮੇਂ ਵਿਚ ਹੀ ਦੋ ਵਿਦਵਾਨ ਸ਼ਖ਼ਸੀਅਤਾਂ ਦਾ ਸੰਸਾਰ ਤੋਂ ਚਲੇ ਜਾਣਾ ਕੌਮ ਲਈ ਵੱਡਾ ਘਾਟਾ ਹੈ।ਗਿਆਨੀ ਭਗਵਾਨ ਸਿੰਘ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਬਾਖੂਬੀ ਨਿਭਾਇਆ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਭਗਵਾਨ ਸਿੰਘ ਦੇ ਪੋਤਰੇ ਤੇ ਪੋਤਰੀਆਂ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਪੰਥਕ ਸ਼ਖ਼ਸੀਅਤਾਂ ਨੇ ਗਿਆਨੀ ਭਗਵਾਨ ਸਿੰਘ ਦੇ ਸਪੁੱਤਰ ਭਾਈ ਪ੍ਰਮਿੰਦਰ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਗ੍ਰੰਥੀ ਗਿਆਨੀ ਚਰਨ ਸਿੰਘ, ਗਿਆਨੀ ਰਵੇਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮੈਨੇਜਰ ਸੁਖਰਾਜ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਢੱਡੇ, ਭਾਈ ਸਰਬਜੀਤ ਸਿੰਘ ਢੋਟੀਆਂ, ਦਮਦਮੀ ਟਕਸਾਲ ਸੰਗਰਾਵਾਂ ਤੋਂ ਗਿਆਨੀ ਰਾਜਨਦੀਪ ਸਿੰਘ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ ਅਤੇ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media