ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ
ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਅੱਜ ਗਰਭਵਤੀ ਔਰਤਾਂ ਦੀ ਅਤਿ-ਜ਼ਰੂਰੀ ਮੁਫਤ ਏ.ਐਨ.ਸੀ ਜਾਂਚ ਕੀਤੀ ਗਈ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਅੱਜ 11 ਗਰਭਵਤੀ ਔਰਤਾਂ ਦੀ ਜਾਂਚ ਕਰਨ ਤੋਂ ਬਾਅਦ ਟੀ.ਟੀ-1 ਤੇ ਟੀ.ਟੀ-2 ਦੇ ਇੰਜੈਕਸ਼ਨ ਅਤੇ ਆਇਰਨ ਦੀਆਂ ਗੋਲੀਆਂ ਦੇ ਕੇ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਕੀਤੀ ਗਈ।
ਐਸ.ਐਮ.ਓ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਲਈ ਦੇਸ਼ ਭਰ ‘ਚ 9 ਜੂਨ 2016 ਨੂੰ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਤਹਿਤ ਬਲਾਕ ਦੀਆਂ ਸਮੂਹ ਸਰਕਾਰੀ ਸੰਸਥਾਵਾਂ ਵਿਖੇ ਮਹੀਨੇ ਦੀ ਹਰ 9 ਤਰੀਕ ਨੂੰ ਵਿਸ਼ੇਸ਼ ਤੌਰ `ਤੇ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ।
ਡਾ. ਸਿੰਘ ਨੇ ਬਲਾਕ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਹਸਪਤਾਲ ਰਾਹੋਂ, ਮਿੰਨੀ ਪੀ.ਐਚ.ਸੀ ਜਾਡਲਾ ਅਤੇ ਮਿੰਨੀ ਪੀ.ਐਚ.ਸੀ ਭਾਰਟਾ ਖੁਰਦ ਵਿਖੇ ਪਹੁੰਚ ਕੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਕਦੇ ਵੀ ਗੈਰ-ਸਿਖਅਤ ਦਾਈ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਉਸ ਦੇ ਬੱਚੇ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਕੋਲੋਂ ਸਿਹਤ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਾ. ਸੋਨੀਆ ਨੇ ਅਨੇਕਾਂ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਜ਼ਰੂਰੀ ਜਾਂਚ ਕਰਨ ਦੇ ਨਾਲ-ਨਾਲ ਕੌਂਸਲਿੰਗ ਕੀਤੀ ਅਤੇ ਲੋੜ ਅਨੁਸਾਰ ਮੁਫ਼ਤ ਟੈਸਟ ਵੀ ਕਰਵਾਏ।ਇਸ ਅਭਿਆਨ ਦੇ ਤਹਿਤ ਗਰਭਵਤੀ ਔਰਤਾਂ ਦੀ 3 ਮਹੀਨੇ ਤੋਂ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਗਰਭਵਤੀ ਔਰਤਾਂ ਦੇ ਖ਼ੂਨ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਆਦਿ ਸਾਰੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਐੱਲ.ਐਚ.ਵੀ ਕੁਲਵੰਤ ਕੌਰ, ਏ.ਐਨ.ਐਮ ਸੁਮਨ ਸ਼ਰਮਾ ਤੋਂ ਇਲਾਵਾ ਸਿਹਤ ਵਿਭਾਗ ਦੇ ਸਿਹਤ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।
Punjab Post Daily Online Newspaper & Print Media